23.7 C
Patiāla
Sunday, January 26, 2025

Only Sukhbir can run party ਸੁਖਬੀਰ ਬਾਦਲ ਹੀ ਚਲਾ ਸਕਦੇ ਨੇ ਅਕਾਲੀ ਦਲ: ਠੰਡਲ

Must read


ਬੀਐੱਸ ਚਾਨਾ

ਸ੍ਰੀ ਆਨੰਦਪੁਰ ਸਾਹਿਬ, 8 ਦਸੰਬਰ

ਸ੍ਰੀ ਅਕਾਲ ਤਖ਼ਤ ਵੱਲੋਂ ਲਗਾਈ ਗਈ ਸੇਵਾ ਪੂਰੀ ਕਰਨ ਲਈ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸੋਹਣ ਸਿੰਘ ਠੰਡਲ ਨੇ ਜੂਠੇ ਭਾਂਡੇ ਸਾਫ਼ ਕਰਨ ਦੀ ਸੇਵਾ ਕੀਤੀ।

ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਠੰਡਲ ਨੇ ਕਿਹਾ ਕਿ ਕੁਝ ਆਗੂਆਂ ਵੱਲੋਂ ਜਾਣਬੁਝ ਕੇ ਸਾਰਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੇਸ਼ੱਕ ਸੁਖਬੀਰ ਸਿੰਘ ਬਾਦਲ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ ਹੈ ਤੇ ਉਨ੍ਹਾਂ ਉੱਤੇ ਦਰਬਾਰ ਸਾਹਿਬ ਕੰਪਲੈਕਸ ਅੰਦਰ ਹਮਲਾ ਵੀ ਕੀਤਾ ਗਿਆ ਪ੍ਰੰਤੂ ਇਸ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਨੇ ਸਹਿਜ, ਨਿਮਰਤਾ ਤੇ ਹਲੀਮੀ ਦੀ ਇੱਕ ਵੱਡੀ ਉਦਾਹਰਨ ਪੇਸ਼ ਕੀਤੀ ਹੈ ਜਿਸ ਦੀ ਪ੍ਰਸ਼ੰਸਾ ਕਰਨੀ ਚਾਹੀਦੀ ਹੈ। ਠੰਡਲ ਨੇ ਕਿਹਾ ਕਿ ਭਾਜਪਾ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਇਸ ਗੱਲ ਦੇ ਮੁੱਦਈ ਹਨ ਕਿ ਪੰਜਾਬ ਦੀ ਖੇਤਰੀ ਪਾਰਟੀ ਅਕਾਲੀ ਦਲ ਮਜ਼ਬੂਤ ਹੋਵੇ।

ਉਨ੍ਹਾਂ ਕਿਹਾ ਕਿ ਸਾਰੇ ਸਿੱਖ ਆਗੂ ਅਕਾਲ ਤਖ਼ਤ ਦੇ ਹੁਕਮ ਅਨੁਸਾਰ ਆਪਸੀ ਵਖਰੇਵੇਂ ਭੁਲਾ ਕੇ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਵਿਧਾਨ ਅਨੁਸਾਰ ਜੇਕਰ ਸੁਖਬੀਰ ਬਾਦਲ ਪ੍ਰਧਾਨ ਚੁਣੇ ਜਾਂਦੇ ਹਨ ਤਾਂ ਉਹ ਸਾਰਿਆਂ ਨੂੰ ਮਨਜ਼ੂਰ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਜ਼ਰ ਵਿੱਚ ਸੁਖਬੀਰ ਸਿੰਘ ਬਾਦਲ ਤੋਂ ਬਿਨਾਂ ਹੋਰ ਕੋਈ ਆਗੂ ਅਕਾਲੀ ਦਲ ਨੂੰ ਨਹੀਂ ਚਲਾ ਸਕਦਾ ਹੈ।

ਠੰਡਲ ਨੇ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨ ਸਬੰਧੀ ਜਾਂ ਸੂਬੇ ਦੇ ਵਡੇਰੇ ਹਿੱਤਾਂ ਲਈ ਭਾਜਪਾ ਤੇ ਅਕਾਲੀ ਦਲ ਨੂੰ ਇਕੱਠਾ ਕਰਨ ਬਾਰੇ ਵਿਚਾਰ ਕਰ ਕੇ ਅਗਲੀ ਰਣਨੀਤੀ ਤਿਆਰ ਕਰਨਗੇ। ਠੰਡਲ ਨੇ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਸਮੇਂ ਨਾ ਤਾਂ ਅਕਾਲੀ ਦਲ ਤੇ ਨਾ ਹੀ ਭਾਜਪਾ ਇਕੱਲੀ ਸਰਕਾਰ ਬਣਾ ਸਕਦੀ ਹੈ ਇਸ ਲਈ ਦੋਵੇਂ ਪਾਰਟੀਆਂ ਨੂੰ ਇਕੱਠੇ ਹੋ ਕੇ ਲੜਾਈ ਲੜਨੀ ਚਾਹੀਦੀ ਹੈ।

ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਨਾਰਾਇਣ ਸਿੰਘ ਚੌੜਾ ਦੀ ਤਸਵੀਰ ਕੇਂਦਰੀ ਅਜਾਇਬਘਰ ਵਿੱਚ ਲਗਾਉਣ ਦੀ ਮੰਗ ਕੀਤੇ ਜਾਣ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਠੰਡਲ ਨੇ ਕਿਹਾ ਕਿ ਬਿੱਟੂ ਤਾਕਤ ਦੇ ਨਸ਼ੇ ਵਿੱਚ ਅਜਿਹੇ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ’ਚ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਤਸਵੀਰ ਜੇਕਰ ਅਜਾਇਬਘਰ ਵਿੱਚ ਲੱਗਣ ਲੱਗ ਜਾਵੇ ਤਾਂ ਸਿੱਖੀ ਦਾ ਸਿਧਾਂਤ ਕਿੱਥੇ ਜਾਵੇਗਾ।

ਉਨ੍ਹਾਂ ਕਿਹਾ ਕਿ ਬਿੱਟੂ ਨੂੰ ਮੁਆਫੀ ਮੰਗਣ ਬਾਰੇ ਸੋਚਣਾ ਚਾਹੀਦਾ ਹੈ। ਠੰਡਲ ਨੇ ਕਿਹਾ ਕਿ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਪਿੱਛੇ ਕੋਈ ਵੱਡਾ ਸਿਆਸੀ ਕਾਰਨ ਨਹੀਂ ਸੀ ਤੇ ਨਾ ਹੀ ਉਹ ਅਕਾਲੀ ਦਲ ਨਾਲ ਨਾਰਾਜ਼ ਸਨ ਪ੍ਰੰਤੂ ਚੱਬੇਵਾਲ ਹਲਕੇ ਵਿੱਚ ਜਿਸ ਤਰ੍ਹਾਂ ਦੇ ਹਾਲਾਤ ਬਣੇ ਉਨ੍ਹਾਂ ਨੂੰ ਮਜਬੂਰ ਹੋ ਕੇ ਚੋਣ ਲੜਨੀ ਪਈ। ਉਨ੍ਹਾਂ ਕਿਹਾ ਕਿ ਚੋਣਾਂ ਉਪਰੰਤ ਉਨ੍ਹਾਂ ਭਾਜਪਾ ਦੀ ਲੀਡਰਸ਼ਿਪ ਨਾਲ ਕੋਈ ਸੰਪਰਕ ਨਹੀਂ ਕੀਤਾ।



News Source link

- Advertisement -

More articles

- Advertisement -

Latest article