ਪੱਤਰ ਪ੍ਰੇਰਕ
ਮਾਨਸਾ, 8 ਦਸੰਬਰ
ਪੰਜਾਬ ’ਚ ਪਿਛਲੇ ਤਿੰਨ ਦਿਨਾਂ ’ਚ ਤਾਪਮਾਨ ਵਿੱਚ ਕਰੀਬ ਪੰਜ ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਪਹਾੜੀ ਖੇਤਰਾਂ ਵਿੱਚ ਹਾਲ ਹੀ ਵਿੱਚ ਹੋਈ ਬਰਫ਼ਬਾਰੀ ਤੋਂ ਬਾਅਦ ਇਹ ਬਦਲਾਅ ਆਇਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਉਮੀਦ ਹੈ। ਇਸ ਨਾਲ ਤਾਪਮਾਨ ’ਚ ਹੋਰ ਗਿਰਾਵਟ ਆਵੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਪੰਜਾਬ ਦੇ 7 ਜ਼ਿਲ੍ਹਿਆਂ ਮਾਨਸਾ, ਸੰਗਰੂਰ, ਬਰਨਾਲਾ, ਲੁਧਿਆਣਾ, ਕਪੂਰਥਲਾ ਤੇ ਜਲੰਧਰ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਦੋ ਦਿਨ ਤੱਕ ਰਹਿ ਸਕਦਾ ਹੈ। ਇਸੇ ਤਰ੍ਹਾਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ’ਚ ਹਲਕੇ ਮੀਂਹ ਦੀ ਸੰਭਾਵਨਾ ਹੈ।