ਆਤਿਸ਼ ਗੁਪਤਾ
ਚੰਡੀਗੜ੍ਹ, 17 ਜਨਵਰੀ
ਚੰਡੀਗੜ੍ਹ ਟ੍ਰਾਈਸਿਟੀ ਵਿੱਚ ਅੱਜ ਸੰਘਣੀ ਧੁੰਦ ਤੇ ਸੀਤ ਲਹਿਰ ਕਹਿਰ ਜਾਰੀ ਰਿਹਾ ਹੈ, ਜਿਸ ਨੇ ਆਮ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿੱਚ ਠੰਢ ਵਧਣ ਕਰਕੇ ਸਾਰਾ ਦਿਨ ਹੀ ਲੋਕਾਂ ਨੂੰ ਕੰਬਣੀ ਛਿੜੀ ਰਹੀ ਹੈ। ਇਸੇ ਕਰਕੇ ਲੋਕ ਵੀ ਘੱਟ ਗਿਣਤੀ ਵਿੱਚ ਹੀ ਆਪਣੇ ਘਰਾਂ ਤੋਂ ਬਾਹਰ ਨਿਕਲੇ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਵੀ 4.1 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ 6.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਲੰਘੇ ਦਿਨ 10.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 16.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਹ ਆਮ ਨਾਲੋਂ 1.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਹਾਲਾਂਕਿ ਮੁਹਾਲੀ ਵਿੱਚ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 16.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ।
ਸਿਟੀ ਬਿਊਟੀਫੁੱਲ ਵਿੱਚ ਅੱਜ ਸਵੇਰ ਸਮੇਂ ਸੰਘਣੀ ਧੁੰਦ ਕਰਕੇ ਸੜਕਾਂ ’ਤੇ ਦੁਰ ਤੱਕ ਦਿਖਣ ਦੀ ਹੱਦ ਨਾ ਬਰਾਬਰ ਹੀ ਸੀ, ਜਿਸ ਕਰਕੇ ਲੋਕਾਂ ਨੂੰ ਸਵੇਰੇ ਘਰਾਂ ਤੋਂ ਬਾਹਰ ਨਿਕਲਣ ਸਮੇਂ ਧੁੰਦ ਦੇ ਕਹਿਰ ਜਾ ਸਾਹਮਣਾ ਕਰਨਾ ਪਿਆ ਹੈ। ਹਾਲਾਂਕਿ ਦਿਨ ਚੜ੍ਹਨ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਧੁੱਪ ਖਿੜਨੀ ਸ਼ੁਰੂ ਹੋ ਗਈ ਸੀ ਪਰ ਠੰਢੀਆਂ ਹਵਾਵਾਂ ਚੱਲਣ ਕਰਕੇ ਲੋਕਾਂ ਨੂੂੰ ਠੰਢ ਤੋਂ ਕੋਈ ਰਾਹਤ ਨਹੀਂ ਮਿਲ ਸਕੀ ਹੈ। ਉੱਧਰ ਸ਼ਾਮ ਹੁੰਦਿਆਂ ਹੀ ਮੁੜ ਤੋਂ ਸ਼ਹਿਰ ਵਿੱਚ ਠੰਢ ਨੇ ਜ਼ੋਰ ਫੜ ਲਿਆ ਹੈ, ਜਿਸ ਕਰਕੇ ਸ਼ਾਮ ਸਮੇਂ ਹੀ ਸ਼ਹਿਰ ਦੀਆਂ ਸੜਕਾਂ ’ਤੇ ਸੰਨਾਟਾ ਪਸਰ ਗਿਆ। ਦੂਜੇ ਪਾਸੇ ਮੌਸਮ ਵਿਗਿਆਨੀਆਂ ਨੇ 18 ਤੇ 19 ਜਨਵਰੀ ਨੂੰ ਸ਼ਹਿਰ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ।
ਮੌਸਮ ਵਿਗਿਆਨੀਆਂ ਅਨੁਸਾਰ 21 ਜਨਵਰੀ ਨੂੰ ਚੰਡੀਗੜ੍ਹ ਵਿੱਚ ਮੁੜ ਤੋਂ ਮੌਸਮ ਦਾ ਮਿਜਾਜ਼ ਬਦਲੇਗਾ। ਇਸ ਦੌਰਾਨ 21 ਤੇ 22 ਜਨਵਰੀ ਨੂੰ ਬਿਜਲੀ ਦੇ ਗਰਜਣ ਦੇ ਨਾਲ-ਨਾਲ ਹਲਕਾ ਮੀਂਹ ਵੀ ਪੈ ਸਕਦਾ ਹੈ। ਮੀਂਹ ਪੈਣ ਕਰਕੇ ਸ਼ਹਿਰ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ।
ਪੰਚਕੂਲਾ ’ਚ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ
ਪੰਚਕੂਲਾ(ਪੀਪੀ ਵਰਮਾ): ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਸਵੇਰੇ ਸਵੇਰੇ ਧੁੰਦ ਜ਼ਿਆਦਾ ਹੋਣ ਕਾਰਨ ਵਾਹਨਾਂ ਦੀ ਰਫ਼ਤਾਰ ਘੱਟ ਜਾਦੀ ਹੈ। ਇਹੀ ਟਾਈਮ ਸਕੂਲ ਬੱਸਾਂ ਦਾ ਹੁੰਦਾ ਹੈ ਜਿਸ ਕਾਰਨ ਸਕੂਲ ਬੱਸਾਂ ਅੱਧਾ-ਪੌਣਾ ਘੰਟਾ ਸਕੂਲਾਂ ਵਿੱਚ ਲੇਟ ਪਹੁੰਚਦੀਆਂ ਹਨ। ਸਵੇਰੇ ਸਵੇਰੇ ਮੁਲਾਜ਼ਮਾਂ ਨੂੰ ਦਫ਼ਤਰ ਵਿੱਚ ਜਾਣ ਲਈ ਪ੍ਰੇਸ਼ਾਨੀ ਹੁੰਦੀ ਹੈ। ਦਿਨ ਚੜ੍ਹਦੇ ਹੀ ਧੁੰਦ ਪੰਚਕੂਲਾ ਜ਼ਿਲ੍ਹੇ ਨੂੰ ਆਪਣੀ ਬੁੱਕਲ ਵਿੱਚ ਲੈ ਲੈਂਦੀ ਹੈ। ਮੌਸਮ ਵਿਭਾਗ ਅਨੁਸਾਰ ਹਾਲੇ ਇੱਕ ਹਫ਼ਤਾ ਹੋਰ ਧੁੰਦ ਪਵੇਗੀ ਅਤੇ ਠੰਢ ਵੀ ਵਧੇਗੀ।