ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 23 ਜਨਵਰੀ
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੱਤਰ ਪਰਲੀਨ ਕੌਰ ਬਰਾੜ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਲਾਨਾ ਪ੍ਰੀਖਿਆਵਾਂ ਸਬੰਧੀ ਤਿਆਰੀਆਂ ਅਤੇ ਪ੍ਰੋਟੋਕਾਲ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਵਿਧਾ ਲਈ ਪ੍ਰੀਖਿਆਵਾਂ ਦਾ ਅਮਲ ਸੁਚਾਰੂ ਢੰਗ ਚਲਾਉਣਾ ਯਕੀਨੀ ਬਣਾਉਣਾ ਅਤੇ ਇਸ ਨਾਜ਼ੁਕ ਸਮੇਂ ਦੌਰਾਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਬਾਰੇ ਚਰਚਾ ਕੀਤੀ ਗਈ। ਸ੍ਰੀਮਤੀ ਬਰਾੜ ਨੇ ਪ੍ਰੀਖਿਆ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ, ਇਮਾਨਦਾਰੀ ਅਤੇ ਕੁਸ਼ਲਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕੇ ਜਾਣ। ਐਡਮਿਟ ਕਾਰਡਾਂ ਦੀ ਸਮੇਂ ਸਿਰ ਵੰਡ, ਪ੍ਰੀਖਿਆ ਕੇਂਦਰਾਂ ਦੀ ਤਿਆਰੀ ਅਤੇ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਵਿਦਿਆਰਥੀਆਂ ਦੀ ਅਕਾਦਮਿਕ ਸਫਲਤਾ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਸਕੱਤਰ ਨੇ ਅਧਿਕਾਰੀਆਂ ਨੂੰ ਪ੍ਰੀਖਿਆਵਾਂ ਤੋਂ ਪਹਿਲਾਂ ਜਾਂ ਪ੍ਰੀਖਿਆ ਦੌਰਾਨ ਚਿੰਤਾਵਾਂ ਅਤੇ ਚੁਣੌਤੀਆਂ ਦੇ ਹੱਲ ਲਈ ਸਕੂਲ ਸਟਾਫ਼ ਅਤੇ ਅਧਿਕਾਰੀਆਂ ਨਾਲ ਤਾਲਮੇਲ ਬਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਬੋਰਡ ਨੇ ਸੁਰੱਖਿਅਤ ਪ੍ਰੀਖਿਆ ਅਤੇ ਮੁਲਾਂਕਣ ਵਿੱਚ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ।