ਗਗਨਦੀਪ ਅਰੋੜਾ
ਲੁਧਿਆਣਾ, 25 ਜਨਵਰੀ
ਸਨਅਤੀ ਸ਼ਹਿਰ ਵਿੱਚ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਢਾ ਦਰਿਆ ਦੇ ਗਊਸ਼ਾਲਾ ਪੁਆਇੰਟ ਦਾ ਦੌਰਾ ਕਰਦਿਆਂ ਐਲਾਨ ਕੀਤਾ ਕਿ ਉਹ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਨਿਗਰਾਨੀ ਕਰਨ ਲਈ ਸਾਈਟ ’ਤੇ ਮਹੀਨਾਵਾਰ ਮੀਟਿੰਗਾਂ ਕਰਨਗੇ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡਚਲਵਾਲ ਅਤੇ ਵੱਖ-ਵੱਖ ਵਿਭਾਗਾਂ ਦੇ ਕਈ ਅਧਿਕਾਰੀਆਂ ਦੇ ਨਾਲ ਰਾਜਪਾਲ ਨੇ ਖੁਲਾਸਾ ਕੀਤਾ ਕਿ ਉਹ ਇਸ ਪ੍ਰਾਜੈਕਟ ਦਾ ਮੁਲਾਂਕਣ ਕਰਨ ਲਈ ਰਾਜ ਭਵਨ ਵਿਖੇ ਪਹਿਲਾਂ ਹੀ ਦੋ ਮੀਟਿੰਗਾਂ ਬੁਲਾ ਚੁੱਕੇ ਹਨ।
ਫਰਵਰੀ ਤੋਂ ਗਊਸ਼ਾਲਾ ਪੁਆਇੰਟ ਵਿਚ ਮਹੀਨਾਵਾਰ ਮੀਟਿੰਗ ਹੋਵੇਗੀ। ਇਨ੍ਹਾਂ ਮੀਟਿੰਗਾਂ ਵਿੱਚ ਕਾਰ ਸੇਵਾ ਵਿੱਚ ਸਰਗਰਮੀ ਨਾਲ ਸ਼ਾਮਲ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਦੇਖ-ਰੇਖ ਹੇਠ ਇਸ ਸਾਲ ਮੌਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਬੁੱਢਾ ਦਰਿਆ ਨੂੰ ਮੁੜ ਸੁਰਜੀਤ ਕਰਨ ਦੇ ਉਦੇਸ਼ ਨਾਲ ਸੰਸਦ ਮੈਂਬਰ, ਵਿਧਾਇਕ, ਅਧਿਕਾਰੀ, ਗੈਰ ਸਰਕਾਰੀ ਸੰਸਥਾਵਾਂ ਅਤੇ ਹੋਰ ਹਿੱਸੇਦਾਰ ਸ਼ਾਮਲ ਹੋਣਗੇ। ਰਾਜਪਾਲ ਕਟਾਰੀਆ ਨੇ ਬੁੱਢਾ ਦਰਿਆ ਦੇ ਪੁਨਰ-ਸੁਰਜੀਤੀ ਨੂੰ ਲੋਕ ਲਹਿਰ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਸਫਾਈ ਦੇ ਯਤਨਾਂ ਨੂੰ ਤੇਜ਼ ਕਰਨ ਲਈ 14 ਕਿਲੋਮੀਟਰ ਦੇ ਹਿੱਸੇ ਦੇ ਕੰਮ ਨੂੰ ਵੱਖ-ਵੱਖ ਹਿੱਸਿਆਂ ਵਿੱਚ ਵੰਡਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਨੂੰ ਤੇਜ਼ੀ ਨਾਲ ਪੁਨਰ ਸੁਰਜੀਤ ਕਰਨ ਅਤੇ ਗੰਦੇ ਪਾਣੀ ਤੋਂ ਬਚਾਉਣ ਲਈ ਲੋਕਾਂ ਨੂੰ ਸ਼ਾਮਲ ਕਰਨਾ ਜ਼ਰੂਰੀ ਹੈ। ਬਾਅਦ ਵਿੱਚ ਰਾਜਪਾਲ ਨੇ ਜਮਾਲਪੁਰ ਵਿੱਚ 225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ ਦਾ ਵੀ ਦੌਰਾ ਕੀਤਾ ਅਤੇ ਇਸ ਦੇ ਕੰਮਕਾਜ ਦਾ ਜਾਇਜ਼ਾ ਲਿਆ।