ਆਤਿਸ਼ ਗੁਪਤਾ
ਚੰਡੀਗੜ੍ਹ, 18 ਮਾਰਚ
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਸੱਤਵੇਂ ਦਿਨ ਅੱਜ ਸੱਟੇਬਾਜ਼ੀ ਤੇ ਮੈਚ ਫਿਕਸਿੰਗ ਰੋਕਣ ਲਈ ਬਿੱਲ ਪੇਸ਼ ਕੀਤਾ ਗਿਆ ਹੈ। ਇਸ ਬਿੱਲ ਵਿੱਚ ਮੈਚ ਫਿਕਸਿੰਗ ਜਾਂ ਸੱਟੇਬਾਜ਼ੀ ਕਰਨ ਵਾਲਿਆਂ ਨੂੂੰ ਤਿੰਨ ਤੋਂ ਪੰਜ ਸਾਲ ਤੱਕ ਦੀ ਸਜ਼ਾ ਦੇਣ ਅਤੇ ਇਕ ਤੋਂ ਪੰਜ ਲੱਖ ਰੁਪਏ ਤੱਕ ਦਾ ਜੁਰਮਾਨਾ ਕਰਨ ਦੀ ਤਜਵੀਜ਼ ਪੇਸ਼ ਕੀਤੀ ਗਈ ਹੈ। ਹਰਿਆਣਾ ਸਰਕਾਰ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵੀ ਸੋਧ ਬਿੱਲ ਪੇਸ਼ ਕੀਤਾ ਹੈ। ਇਸ ਬਿੱਲ ਵਿੱਚ ਅਜਿਹੀਆਂ ਗਤੀਵੀਧੀਆਂ ਵਿੱਚ ਸ਼ਾਮਲ ਵਿਅਕਤੀ ਨੂੰ 10 ਸਾਲ ਤੱਕ ਦੀ ਸਜ਼ਾ ਦੇਣ ਦੀ ਸਿਫਾਰਸ਼ ਕੀਤੀ ਗਈ ਹੈ। ਹਰਿਆਣਾ ਸਰਕਾਰ ਨੇ ਬੀਜ (ਹਰਿਆਣਾ ਸੋਧ) ਬਿੱਲ ਤੇ ਕੀਟਨਾਸ਼ਕ (ਹਰਿਆਣਾ ਸੋਧ) ਬਿੱਲ ਵੀ ਵਿਧਾਨ ਸਭਾ ’ਚ ਪੇਸ਼ ਕੀਤਾ ਹੈ। ਇਸ ਬਿੱਲ ਤਹਿਤ ਸੂਬੇ ’ਚ ਨਕਲੀ ਬੀਜ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਤਿੰਨ ਸਾਲ ਤੱਕ ਦੀ ਸਜ਼ਾ ਤੇ 5 ਲੱਖ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ।