ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਅਕਤੂਬਰ
ਪਿੰਡ ਖੇੜੀ ਦੇ 20 ਸਾਲਾ ਨੌਜਵਾਨ ਦੀ ਕਥਿਤ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਗੁਰਮੀਤ ਸਿੰਘ ਦੀ ਅਚਾਨਕ ਸਿਹਤ ਵਿਗੜਨ ਮਗਰੋਂ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਪਿੰਡ ਦੇ ਇੱਕ ਡਾਕਟਰ ਕੋਲ ਲੈ ਗਏ। ਸਿਹਤ ਜ਼ਿਆਦਾ ਖ਼ਰਾਬ ਹੋਣ ’ਤੇ ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਸੂਚਨਾ ਮਿਲਣ ਮਗਰੋਂ ਥਾਣਾ ਸਦਰ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਉਸ ਨੇ ਪੋਸਟਮਾਰਟਮ ਲਈ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਗੁਰਮੀਤ ਸਿੰਘ ਦੀ ਮੌਤ ਦੇ ਕਾਰਨਾਂ ਦਾ ਪਤਾ ਚੱਲ ਸਕੇਗਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੁਰਮੀਤ ਸਿੰਘ ਖੇਤੀਬਾੜੀ ਕਰਦਾ ਸੀ ਤੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਰਹਿੰਦਾ ਸੀ। ਉਹ ਨਸ਼ਾ ਕਰਨ ਦਾ ਆਦੀ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸ਼ੱਕ ਜ਼ਾਹਿਰ ਕੀਤਾ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।