ਨਵੀਂ ਦਿੱਲੀ, 3 ਜੂਨ
ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਅੱਜ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ ਕਿ ਉਨ੍ਹਾਂ ਦੀ ਟੀਮ ਨੂੰ ਪੱਛਮੀ ਬੰਗਾਲ ਵਿਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਚੇਅਰਪਰਸਨ ਨੇ ਕਿਹਾ ਕਿ ਇਹ ਖਬਰਾਂ ਮਿਲ ਰਹੀਆਂ ਹਨ ਕਿ ਪੱਛਮੀ ਬੰਗਾਲ ਵਿਚ ਚੋਣਾਂ ਤੋਂ ਬਾਅਦ ਵੱਡੇ ਪੱਧਰ ’ਤੇ ਹਿੰਸਾ ਹੋਈ ਹੈ। ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸੰਦੇਸ਼ਖਲੀ ਤੇ ਪੱਛਮੀ ਬੰਗਾਲ ਦੇ ਹੋਰ ਖੇਤਰਾਂ ਵਿਚ ਪੁਲੀਸ ਵੱਲੋਂ ਔਰਤਾਂ ਨਾਲ ਵਧੀਕੀਆਂ ਕਰਨ ਦੀਆਂ ਖਬਰਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਫੌਰੀ ਹੱਲ ਕਰਨ ਦੀ ਲੋੜ ਹੈ ਜਿਸ ਤਹਿਤ ਮਹਿਲਾ ਕਮਿਸ਼ਨ ਦੀ ਟੀਮ ਪੱਛਮੀ ਬੰਗਾਲ ਜਾਵੇਗੀ ਤੇ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਿਆਂ ਰੱਖਣ ਤੇ ਉਨ੍ਹਾਂ ਦੀ ਹਿਫਾਜ਼ਤ ਵਿਚ ਨਾਕਾਮ ਰਹਿਣ ਦੇ ਮਾਮਲਿਆਂ ਦੀ ਜਾਂਚ ਕਰੇਗੀ। ਉਨ੍ਹਾਂ ਇਸ ਮਾਮਲੇ ਵਿਚ ਚੋਣ ਕਮਿਸ਼ਨ ਨੂੰ ਆਦਰਸ਼ ਚੋਣ ਜ਼ਾਬਤੇ ਵਿਚ ਛੋਟ ਦੇਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਚ ਲੋਕ ਸਭਾ ਚੋਣ ਦੇ ਸੱਤਵੇਂ ਗੇੜ ਵਿਚ ਭਾਜਪਾ ਨੇ ਟੀਐਮਸੀ ਵਰਕਰਾਂ ’ਤੇ ਵਧੀਕੀਆਂ ਕਰਨ ਦੇ ਦੋਸ਼ ਲਾਏ ਸਨ। ਪੀਟੀਆਈ