ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜੂਨ
ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਰਹੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਅਤੇ ਵਿਧਾਨ ਸਭਾ ਹਲਕਾ ਜਲੰਧਰ (ਪੱਛਮੀ) ਦੀ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਵਧੇਰੇ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਪੰਜਾਬ ਦੀ ‘ਆਪ’ ਸਰਕਾਰ ਨੇ ਸੂਬੇ ਵਿੱਚ ਨੇਤਰਹੀਣਾਂ ਨੂੰ ਦਿੱਤੀ ਜਾਂਦੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵਿੱਚ ਵਾਧਾ ਕਰਦਿਆਂ ਨੇਤਰਹੀਣਾਂ ਦੇ ਸਹਾਇਕਾਂ ਲਈ ਵੀ ਮੁਫ਼ਤ ਬੱਸ ਸਫ਼ਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ।