Canada News: ਗ਼ੈਰ-ਕਾਨੂੰਨੀ ਪ੍ਰਵਾਸੀਆਂ ਡਿੱਗੇਗੀ ਗਾਜ਼, ਡਿਪੋਰਟ ਕਰੇਗੀ ਟਰੂਡੋ ਸਰਕਾਰ

Must read


ਸੁਰਿੰਦਰ ਮਾਵੀ

ਵਿਨੀਪੈਗ , ਨਵੰਬਰ 16

Canada News: ਕੈਨੇਡਾ ਵਿਚ ਗ਼ੈਰ-ਕਾਨੂੰਨੀ ਤੌਰ ’ਤੇ ਮੌਜੂਦ ਪ੍ਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਸੰਕੇਤ ਦਿੰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ ਵਾਲਾ ਦੌਰ ਬੀਤੇ ਦੀ ਗੱਲ ਹੋ ਚੁੱਕੀ ਹੈ ਅਤੇ ਹੁਣ ਕੈਨੇਡੀਅਨ ਇੰਪਲਾਈਜ਼ ਨੂੰ ਉੱਚੀਆਂ ਉਜਰਤ ਦਰਾਂ ’ਤੇ ਕਾਮੇ ਰੱਖਣੇ ਹੋਣਗੇ। ਮਾਰਕ ਮਿਲਰ ਦਾ ਕਹਿਣਾ ਸੀ ਕਿ ਟੈਂਪਰੇਰੀ ਵੀਜ਼ਾ ’ਤੇ ਆਏ ਪਰ ਸਮੇਂ ਸਿਰ ਵਾਪਸੀ ਨਾ ਕਰਨ ਵਾਲੇ ਵਿਅਕਤੀਆਂ ਨੂੰ ਆਉਂਦੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿਚ ਡਿਪੋਰਟ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਡਿਪੋਰਟ ਕੀਤੇ ਜਾਣ ਵਾਲੇ ਪ੍ਰਵਾਸੀਆਂ ਵਿਚੋਂ ਜ਼ਿਆਦਾਤਰ ਉਹ ਲੋਕ ਹੋ ਸਕਦੇ ਹਨ ਜਿਨ੍ਹਾਂ ਨੂੰ ਪਿਛਲੇ ਅੱਠ ਸਾਲ ਦੌਰਾਨ ਦੇਸ਼ ਛੱਡਣ ਦੇ ਹੁਕਮ ਦਿੱਤੇ ਗਏ ਪਰ ਉਨ੍ਹਾਂ ਨੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫ਼ਸਰਾਂ ਦੀਆਂ ਅੱਖਾਂ ਵਿਚ ਘਟਾ ਪਾਉਂਦਿਆਂ ਆਪਣਾ ਟਿਕਾਣਾ ਹੀ ਬਦਲ ਰਹੇ ਹਨ।

ਗ੍ਰੇਟਰ ਵੈਨਕੂਵਰ ਬੋਰਡ ਆਫ਼ ਟਰੇਡ ਵੱਲੋਂ ਕਰਵਾਏ ਸਮਾਗਮ ਵਿਚ ਪੁੱਜੇ ਇਮੀਗ੍ਰੇਸ਼ਨ ਮੰਤਰੀ ਨੇ ਅੱਗੇ ਕਿਹਾ ਕਿ ਰੁਜ਼ਗਾਰਦਾਤਾਵਾਂ ਅਤੇ ਕਾਮਿਆਂ ਦਰਮਿਆਨ ਸਭ ਤੋਂ ਮਾੜੇ ਸਬੰਧ ਦੇਖਣੇ ਹੋਣ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਸ਼੍ਰੇਣੀ ਵਿਚ ਦੇਖੇ ਜਾ ਸਕਦੇ ਹਨ ਜਿੱਥੇ ਕਿਰਤੀਆਂ ਦਾ ਵੱਡੇ ਪੱਧਰ ’ਤੇ ਸ਼ੋਸ਼ਣ ਕੀਤਾ ਜਾਂਦਾ ਹੈ। ਖੇਤੀ ਸੈਕਟਰ ਅਤੇ ਫੂਡ ਪ੍ਰੋਸੈਸਿੰਗ ਵਿਚ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਬਣਦਾ ਮਿਹਨਤਾਨਾ ਵੀ ਨਹੀਂ ਮਿਲਦਾ ਪਰ ਫੈਡਰਲ ਸਰਕਾਰ ਵੱਲੋਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਅਥਾਹ ਆਮਦ ’ਤੇ ਰੋਕ ਲਾ ਦਿੱਤੀ ਗਈ ਹੈ ਅਤੇ ਹੁਣ ਸਸਤੇ ਵਿਦੇਸ਼ੀ ਮਜ਼ਦੂਰ ਮਿਲਣ ਵਾਲਾ ਦੌਰ ਲੰਘ ਚੁੱਕਾ ਹੈ।

ਫੋਟੋ ਮਾਰਕ ਮਿਲਰ/X

ਮਾਰਕ ਮਿਲਰ ਨੇ ਦੱਸਿਆ ਕਿ ਨਵੇਂ ਵਰ੍ਹੇ ਵਿਚ ਦਾਖਲ ਹੁੰਦਿਆਂ ਹਾਲਾਤ ਹੋਰ ਬਿਹਤਰ ਹੋਣਗੇ ਅਤੇ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਗਿਣਤੀ ਹੋਰ ਘਟ ਜਾਵੇਗੀ। ਉਨ੍ਹਾਂ ਦਲੀਲ ਦਿੱਤੀ ਕਿ ਕੈਨੇਡਾ ਵਿਚ ਮੌਜੂਦ ਕਿਰਤੀਆਂ ਨੂੰ ਪੀਆਰ ਦੇਣ ਵੱਲ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਅਤੇ ਵਿਦੇਸ਼ਾਂ ਤੋਂ ਕਿਰਤੀ ਸੱਦਣ ਦਾ ਰੁਝਾਨ ਘਟਾਇਆ ਗਿਆ ਹੈ।

ਟੈਂਪਰੇਰੀ ਵੀਜ਼ਾ ’ਤੇ ਆਏ ਲੋਕਾਂ ਦਾ ਜ਼ਿਕਰ ਕਰਦਿਆਂ ਇਮੀਗ੍ਰੇਸ਼ਨ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਲੋਕ ਵੀਜ਼ਾ ਮਿਆਦ ਲੰਘਣ ਤੋਂ ਬਾਅਦ ਵੀ ਵਾਪਸੀ ਨਹੀਂ ਕਰਦੇ ਅਤੇ ਇਸ ਤਰੀਕੇ ਨਾਲ ਉਹ ਕਾਨੂੰਨ ਤੋੜ ਰਹੇ ਹੁੰਦੇ ਹਨ। ਦੱਸ ਦੇਈਏ ਕਿ ਗਲੋਬਲ ਨਿਊਜ਼ ਵੱਲੋਂ ਪ੍ਰਕਾਸ਼ਿਤ ਇਕ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਕਿ ਅਪਰਾਧਿਕ ਸਰਗਰਮੀਆਂ ਵਿਚ ਸ਼ਾਮਲ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਤਾਂ ਜਾਰੀ ਹੋਏ ਪਰ 2018 ਤੱਕ 1,200 ਲੋਕ ਕੈਨੇਡਾ ਵਿਚ ਹੀ ਮੌਜੂਦ ਸਨ।

 

ਉੱਧਰ ਅਮਰੀਕਾ ਚੋਣਾਂ ਵਿਚ ਡੋਨਾਲਡ ਟਰੰਪ ਦੀ ਜਿੱਤ ਮਗਰੋਂ ਪੈਦਾ ਹੋਏ ਹਾਲਾਤ ਬਾਰੇ ਮਾਰਕ ਮਿਲਰ ਨੇ ਕਿਹਾ ਕਿ ਉਹ ਟੌਮ ਹੋਮੈਨ ਨਾਲ ਸਿੱਧੀ ਗੱਲਬਾਤ ਕਰਨਾ ਚਾਹੁਣਗੇ। ਬਿਨਾਂ ਸ਼ੱਕ ਗੱਲਬਾਤ ਰਾਹ ਸੁਖਾਲਾ ਨਹੀਂ ਹੋਵੇਗਾ ਪਰ ਕੈਨੇਡਾ ਉਮੀਦ ਕਰਦਾ ਹੈ ਕਿ ਨਵੀਂ ਅਮਰੀਕੀ ਸਰਕਾਰ ਸੇਫ਼ ਥਰਡ ਕੰਟਰੀ ਐਗਰੀਮੈਂਟ ਦੀ ਪਾਲਣਾ ਯਕੀਨੀ ਬਣਾਵੇਗੀ।



News Source link

- Advertisement -

More articles

- Advertisement -

Latest article