ਸਨੌਰ, (ਖੇਤਰੀ ਪ੍ਰਤੀਨਿਧ): ਹਲਕਾ ਸਨੌਰ ਵਿੱਚ ਅਕਾਲੀ, ਭਾਜਪਾ ਅਤੇ ਕਾਂਗਰਸੀ ਆਗੂਆਂ ਨੇ ਹਾਕਮ ਧਿਰ ’ਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਕਾਗਜ਼ ਪਾੜਨ ਦੇ ਦੋਸ਼ ਲਾਏ ਹਨ। ਵਿਰੋਧੀ ਧਿਰਾਂ ਨੇ ਕਿਹਾ ਕਿ ਅਜਿਹੀ ਧੱਕੇਸ਼ਾਹੀ ਕਰਨ ਵਾਲੇ ‘ਆਪ’ ਕਾਰਕੁਨਾਂ ਨੂੰ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸਿੱਧੀ ਸਰਪ੍ਰਸਤੀ ਹਾਸਲ ਸੀ। ਸਨੌਰ ਦੇ ਸਾਬਕਾ ਅਕਾਲੀ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ, ਸੂਬਾਈ ਅਕਾਲੀ ਆਗੂ ਜਗਜੀਤ ਸਿੰਘ ਕੋਹਲੀ, ਕਾਂਗਰਸ ਦੇ ਹਲਕਾ ਇੰਚਾਰਜ ਹੈਰੀਮਾਨ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਗਰੌਲੀ ਆਦਿ ਨੇ ਕਿਹਾ ਕਿ ‘ਆਪ’ ਆਗੂਆਂ ਵੱਲੋਂ ਵਧੀਕੀਆਂ ਕਰਕੇ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੇ ‘ਆਪ’ ਖਿਲਾਫ਼ ਕੀਤੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਹਰਿੰਦਰਪਾਲ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਨੂੰ ਹਾਰ ਨਜ਼ਰ ਆ ਰਹੀ ਹੈ। ਦੂਜੇ ਪਾਸੇ ਵਿਧਾਇਕ ਹਰਮੀਤ ਪਠਾਣਮਾਜਰਾ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।