ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਫਰਵਰੀ
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਭੁਪੇਸ਼ ਬਘੇਲ ਅੱਜ ਅੰਮ੍ਰਿਤਸਰ ਪੁੱਜੇ ਹਨ। ਇਥੇ ਪਹੁੰਚਣ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਪੰਜਾਬ ਦੌਰਾ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ।
ਗੁਰੂ ਘਰ ਵਿਖੇ ਨਤਮਸਤਕ ਹੋਣ ਸਮੇਂ ਉਹਨਾਂ ਦੇ ਨਾਲ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਦਾ ਕਾਫਲਾ ਸ਼ਾਮਿਲ ਸੀ। ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਆਪਣੇ ਗ੍ਰਹਿ ਵਿਖੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਰਸਤੇ ਵਿੱਚ ਥਾਂ-ਥਾਂ ਤੇ ਕਾਂਗਰਸੀ ਆਗੂਆਂ ਵੱਲੋਂ ਸਟੇਜ ਲਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਬਘੇਲ ਆਪਣੇ ਦੋ ਦਿਨਾਂ ਪੰਜਾਬ ਦੌਰੇ ’ਤੇ ਇਥੇ ਆਏ ਹਨ।