Jalandhar Murder Case : ਜਲੰਧਰ ਦੇ ਮਖਦੂਮਪੁਰਾ ਵਿੱਚ ਮੰਗਲਵਾਰ ਦੇਰ ਸ਼ਾਮ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪ੍ਰਾਪਰਟੀ ਅਤੇ ਫਾਈਨਾਂਸ ਕਾਰੋਬਾਰੀ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਲੱਕੀ ਠਾਕੁਰ, ਵਾਸੀ ਮਖਦੂਮਪੁਰਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ-4 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜ਼ਖ਼ਮੀ ਲੱਕੀ ਠਾਕੁਰ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪ੍ਰਾਪਰਟੀ ਅਤੇ ਫਾਈਨਾਂਸ ਕਾਰੋਬਾਰੀ ਲੱਕੀ ਠਾਕੁਰ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਬੁੱਧਵਾਰ ਨੂੰ ਸ਼ਿਵ ਸੈਨਾ ਆਗੂ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਮਲਾਵਰ ਲੱਕੀ ਦੇ ਹੱਥ ਦੀਆਂ ਉਂਗਲਾਂ ਵੀ ਵੱਢ ਕੇ ਲੈ ਗਏ ਸਨ। ਇਹ ਵਾਰਦਾਤ ਮੰਗਲਵਾਰ ਰਾਤ ਕਰੀਬ 8:30 ਵਜੇ ਵਾਪਰੀ ਸੀ। ਲੱਕੀ ਦੀ ਲਾਸ਼ ਦਾ ਅੱਜ ਪੋਸਟਮਾਰਟਮ ਕਰਵਾਇਆ ਜਾਵੇਗਾ।
ਲੱਕੀ ਠਾਕੁਰ ‘ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਉਹ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਜਾ ਰਿਹਾ ਸੀ। ਪੁਲਿਸ ਮੁਤਾਬਕ ਨਰਿੰਦਰ ਥਾਪਰ, ਦੀਪਕ ਰਾਣਾ ਅਤੇ ਗੁੜੀਆ ਨੂੰ ਫਤਿਹਗੜ੍ਹ ਸਾਹਿਬ ਨੇੜੇ ਇੱਕ ਢਾਬੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਤਿੰਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਕਤਲ ਦਾ ਆਰੋਪ ਸ਼ਿਵ ਸੈਨਾ ਆਗੂ ਦੇ ਪੁੱਤਰ ਰਾਮ ਕ੍ਰਿਸ਼ਨ ਅਤੇ ਉਸ ਦੇ ਗਰੋਹ ‘ਤੇ ਲੱਗਾ ਹੈ। ਮ੍ਰਿਤਕ ਦੇ ਭਰਾ ਮਨਮੋਹਨ ਨੇ ਦੱਸਿਆ ਕਿ ਲੱਕੀ ਨੇ ਰਾਮ ਕ੍ਰਿਸ਼ਨ ‘ਤੇ ਆਪਣੇ ਪੁੱਤਰ ਨੂੰ ਚਿੱਟੇ ਦਾ ਨਸ਼ਾ ਦੇਣ ਦੇ ਆਰੋਪ ਲਗਾਏ ਸਨ। ਇਸੇ ਰੰਜਿਸ਼ ਕਾਰਨ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਆਰੋਪ ਹੈ। ਇਸ ਮਾਮਲੇ ਵਿੱਚ ਲੱਕੀ ਨੇ ਥਾਣੇ ਵਿੱਚ ਸ਼ਿਕਾਇਤ ਵੀ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।