AAP ਵੱਲੋਂ ਪਾਰਟੀ ਦੇ ਸੀਨੀਅਰ ਆਗੂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਲੱਗੇ ਵੱਡੇ ਆਰੋਪ 

0
32


Pathankot AAP Controversy : ਆਮ ਆਦਮੀ ਪਾਰਟੀ ਪੰਜਾਬ ਨੇ ਪਠਾਨਕੋਟ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਵਿਭੂਤੀ ਸ਼ਰਮਾ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਦਮ ਚੁੱਕਿਆ ਹੈ। ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਸੰਗਠਨ ਵਿੱਚ ਗੁੱਟਬਾਜ਼ੀ ਫੈਲਾਉਣ ਦੇ ਦੋਸ਼ਾਂ ਹੇਠ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਹੈ।

ਇਹ ਨੋਟਿਸ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੇ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ ਹੈ। ਨੋਟਿਸ ਵਿੱਚ ਪਾਰਟੀ ਲੀਡਰਸ਼ਿਪ ਵੱਲੋਂ ਵਿਭੂਤੀ ਸ਼ਰਮਾ ਖ਼ਿਲਾਫ਼ ਕਈ ਗੰਭੀਰ ਆਰੋਪ ਲਗਾਏ ਗਏ ਹਨ।

ਵਿਭੂਤੀ ਸ਼ਰਮਾ ਨੂੰ ਨੋਟਿਸ ਮਿਲਣ ਤੋਂ 7 ਦਿਨਾਂ ਦੇ ਅੰਦਰ ਲਿਖਤੀ ਸਪੱਸ਼ਟੀਕਰਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਾਰਟੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਨਿਰਧਾਰਤ ਸਮੇਂ ਅੰਦਰ ਤਸੱਲੀਬਖ਼ਸ਼ ਜਵਾਬ ਦੇਣ ਵਿੱਚ ਅਸਫਲ ਰਹਿੰਦੇ ਹਨ ਤਾਂ ਪਾਰਟੀ ਦੇ ਸੰਵਿਧਾਨ ਅਤੇ ਅਨੁਸ਼ਾਸਨਾਤਮਕ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

ਹਾਲਾਂਕਿ, ਵਿਭੂਤੀ ਸ਼ਰਮਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਇਸ ਨੋਟਿਸ ਸਬੰਧੀ ਕੋਈ ਈ-ਮੇਲ ਜਾਂ ਹਾਰਡ ਕਾਪੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਵੱਲੋਂ ਨੋਟਿਸ ਭੇਜਿਆ ਗਿਆ ਹੈ ਤਾਂ ਉਹ ਇਸ ਦਾ ਜਵਾਬ ਜ਼ਰੂਰ ਦੇਣਗੇ।

ਪਾਰਟੀ ਵੱਲੋਂ ਲਗਾਏ ਗਏ ਗੰਭੀਰ ਆਰੋਪ 

ਨੋਟਿਸ ਵਿੱਚ ਕਿਹਾ ਗਿਆ ਹੈ ਕਿ ਵਿਭੂਤੀ ਸ਼ਰਮਾ ਪਾਰਟੀ ਦੀਆਂ ਨੀਤੀਆਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਨਹੀਂ ਕਰ ਰਹੇ ਅਤੇ ਉਨ੍ਹਾਂ ਨੇ ਹਲਕੇ ਵਿੱਚ ਆਪਣਾ ਵੱਖਰਾ ਗੁੱਟ ਬਣਾ ਲਿਆ ਹੈ। ਉਨ੍ਹਾਂ ਉੱਤੇ ਗੁੱਟਬਾਜ਼ੀ ਨੂੰ ਉਤਸ਼ਾਹਿਤ ਕਰਨ ਅਤੇ ਆਮ ਆਦਮੀ ਪਾਰਟੀ ਦੇ ਮੂਲ ਹਿੱਤਾਂ ਦੇ ਉਲਟ ਕੰਮ ਕਰਨ ਦੇ ਆਰੋਪ ਲਗਾਏ ਗਏ ਹਨ।  ਨੋਟਿਸ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਉਹ ਹਲਕਾ ਇੰਚਾਰਜ ਨਾਲ ਕਿਸੇ ਵੀ ਤਰ੍ਹਾਂ ਦਾ ਤਾਲਮੇਲ ਨਹੀਂ ਰੱਖ ਰਹੇ, ਜਿਸ ਨੂੰ ਪਾਰਟੀ ਅਨੁਸ਼ਾਸਨ ਦੀ ਗੰਭੀਰ ਉਲੰਘਣਾ ਮੰਨਿਆ ਗਿਆ ਹੈ।

ਵਿਭੂਤੀ ਬੋਲੇ—ਕਦੇ ਪਾਰਟੀ ਖ਼ਿਲਾਫ਼ ਨਹੀਂ ਬੋਲਿਆ

ਵਿਭੂਤੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਕੋਈ ਈ-ਮੇਲ ਜਾਂ ਨੋਟਿਸ ਦੀ ਹਾਰਡ ਕਾਪੀ ਨਹੀਂ ਮਿਲੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਦੇ ਵੀ ਪਾਰਟੀ ਜਾਂ ਕਿਸੇ ਪਾਰਟੀ ਅਹੁਦੇਦਾਰ ਖ਼ਿਲਾਫ਼ ਕੁਝ ਨਹੀਂ ਬੋਲਿਆ ਅਤੇ ਨਾ ਹੀ ਕੋਈ ਵੱਖਰਾ ਗੁੱਟ ਬਣਾਇਆ ਹੈ। ਫਿਲਹਾਲ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਵੱਲੋਂ ਨੋਟਿਸ ਦਿੱਤਾ ਜਾਂਦਾ ਹੈ ਤਾਂ ਉਹ ਉਸ ਦਾ ਜਵਾਬ ਜ਼ਰੂਰ ਦੇਣਗੇ।



News Source link