Accident in Melbourne: ਵਿਦੇਸ਼ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਪੰਜਾਬ ਵਿੱਚ ਮਾਤਮ ਪਸਰਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ 11 ਸਾਲ ਪਹਿਲਾਂ ਜਿਸ ਇਕਲੌਤੇ ਪੁੱਤਰ ਨੂੰ ਬਿਹਤਰ ਭਵਿੱਖ ਦੇ ਸੁਪਨੇ ਦੇ ਨਾਲ ਪਰਿਵਾਰ ਨੇ ਆਸਟ੍ਰੇਲੀਆ ਭੇਜਿਆ ਸੀ, ਉਸਦੇ ਕਦੇ ਵਾਪਸ ਨਾ ਆਉਣ ਦੀ ਖਬਰ ਨੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। ਆਸਟ੍ਰੇਲੀਆ ਦੇ ਮੈਲਬੌਰਨ ਵਿੱਚ ਦਰਦਨਾਕ ਸੜਕ ਹਾਦਸੇ ਵਿੱਚ ਬਟਾਲਾ ਦੇ ਸਨੇਹਪਾਲ ਸਿੰਘ ਦੀ ਮੌਤ ਹੋ ਗਈ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿਚ ਮਾਤਮ ਛਾ ਗਿਆ ਅਤੇ ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ।
ਡੂੰਘੇ ਸਦਮੇ ਵਿੱਚ ਪਰਿਵਾਰ
ਜਾਣਕਾਰੀ ਮੁਤਾਬਕ ਇਹ ਹਾਦਸਾ ਮੈਲਬੌਰਨ ਵਿਚ ਸ਼ਨੀਵਾਰ ਨੂੰ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਸਨੇਹ ਪਾਲ ਸਿੰਘ ਦੀ ਕਾਰ ਸੜਕ ਦੇ ਕਿਨਾਰੇ ਖੜ੍ਹੀ ਸੀ। ਇਸੇ ਦੌਰਾਨ ਪਿੱਛੋਂ ਆ ਰਹੇ ਇਕ ਅਣਪਛਾਤੇ ਵਾਹਨ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਨੇਹ ਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੀ ਅਚਾਨਕ ਮੌਤ ਦੀ ਖ਼ਬਰ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਨੂੰ ਅਜੇ ਵੀ ਯਕੀਨ ਨਹੀਂ ਹੋ ਰਿਹਾ ਕਿ ਜਿਸ ਪੁੱਤਰ ਨੂੰ ਬਿਹਤਰ ਭਵਿੱਖ ਦੀ ਆਸ ਨਾਲ ਵਿਦੇਸ਼ ਭੇਜਿਆ ਸੀ, ਉਹ ਹੁਣ ਇਸ ਦੁਨੀਆ ਵਿਚ ਨਹੀਂ ਰਿਹਾ। ਸਨੇਹ ਪਾਲ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਰਿਸ਼ਤੇਦਾਰ ਅਤੇ ਜਾਣਕਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ।

ਕਾਂਗਰਸ ਦੇ ਸੀਨੀਅਰ ਆਗੂਆਂ ਨੇ ਜਤਾਇਆ ਦੁੱਖ
ਇਸ ਦੌਰਾਨ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸੀ ਆਗੂ ਅਮਨਦੀਪ ਜੈਂਤੀਪੁਰ ਨੇ ਘਸੀਟਪੁਰ ਵਿਖੇ ਮ੍ਰਿਤਕ ਦੇ ਸਹੁਰੇ ਸੁਖਦੇਵ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਰਿਵਾਰ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਸਨੇਹ ਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਹਿਯੋਗ ਦੀ ਅਪੀਲ ਕੀਤੀ ਹੈ ਤਾਂ ਜੋ ਉਸ ਦਾ ਅੰਤਿਮ ਸਸਕਾਰ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਕੀਤਾ ਜਾ ਸਕੇ। ਸਨੇਹ ਪਾਲ ਸਿੰਘ ਦੀ ਮੌਤ ਨਾਲ ਪਰਿਵਾਰ ਅਤੇ ਉਸ ਨਾਲ ਜੁੜੇ ਰਿਸ਼ਤੇਦਾਰਾਂ ਤੇ ਜਾਣਕਾਰਾਂ ਵਿਚ ਸੋਗ ਦੀ ਲਹਿਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।