Barnala Road Accident : ਬਰਨਾਲਾ ਦੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਮੋਗਾ ਪੁਲ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਤੇਜ਼ ਰਫ਼ਤਾਰ ਅਤੇ ਬੇਕਾਬੂ ਆਈ-20 ਕਾਰ ਨੇ ਅੱਗੇ ਜਾ ਰਹੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ ਅਤੇ ਕਾਰ ਚਾਲਕ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋਵਾਂ ਨੇ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਹਸਪਤਾਲ ਅਤੇ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਈ। ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਅਤੇ ਬਾਅਦ ਵਿੱਚ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ। ਥਾਣਾ ਪੁਲਿਸ ਮੁਤਾਬਕ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਚਸ਼ਮਦੀਦਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦੁੱਧ ਵੇਚ ਕੇ ਘਰ ਪਰਤ ਰਿਹਾ ਸੀ ਬਾਈਕ ਸਵਾਰ
ਹਸਪਤਾਲ ਅਤੇ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਬਠਿੰਡਾ ਦੇ ਗੁਰਸੇਵਕ ਨਗਰ ਵਾਸੀ ਬੂਟਾ ਸਿੰਘ ਅਤੇ ਰਾਮਪੁਰਾ ਵਾਸੀ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੂਟਾ ਸਿੰਘ ਹਰ ਰੋਜ਼ ਦੀ ਤਰ੍ਹਾਂ ਬਰਨਾਲਾ ਟੀ-ਪੁਆਇੰਟ ‘ਤੇ ਦੁੱਧ ਦੀ ਸਪਲਾਈ ਕਰਕੇ ਆਪਣੇ ਮੋਟਰਸਾਈਕਲ ‘ਤੇ ਘਰ ਵਾਪਸ ਜਾ ਰਹੇ ਸਨ। ਜਦੋਂ ਉਹ ਮੋਗਾ ਪੁਲ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਆਈ-20 ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਬਾਈਕ ਨੂੰ ਘਸੀਟਦੀ ਹੋਈ ਦਰੱਖਤ ਨਾਲ ਟਕਰਾਈ ਕਾਰ
ਚਸ਼ਮਦੀਦਾਂ ਅਨੁਸਾਰ ਟੱਕਰ ਤੋਂ ਬਾਅਦ ਕਾਰ ਮੋਟਰਸਾਈਕਲ ਨੂੰ ਕਾਫ਼ੀ ਦੂਰ ਤੱਕ ਘਸੀਟਦੀ ਰਹੀ ਅਤੇ ਫਿਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇੱਕ ਦਰੱਖਤ ਨਾਲ ਜਾ ਟਕਰਾਈ। ਇਸ ਭਿਆਨਕ ਟੱਕਰ ਕਾਰਨ ਕਾਰ ਅਤੇ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ਅਤੇ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।
ਘਰ ਦਾ ਇਕਲੌਤਾ ਸਹਾਰਾ ਖੋਹਿਆ
ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਦੋਵੇਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਜਾਂਚ ਤੋਂ ਬਾਅਦ ਬਾਈਕ ਸਵਾਰ ਬੂਟਾ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਉੱਥੇ ਹੀ ਕਾਰ ਚਾਲਕ ਹਰਪ੍ਰੀਤ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉੱਚ ਸਿਹਤ ਕੇਂਦਰ ਰੈਫਰ ਕੀਤਾ ਗਿਆ, ਪਰ ਰਸਤੇ ਵਿੱਚ ਹੀ ਉਨ੍ਹਾਂ ਦੀ ਵੀ ਮੌਤ ਹੋ ਗਈ।
ਮ੍ਰਿਤਕ ਬੂਟਾ ਸਿੰਘ ਆਪਣੇ ਪਿੱਛੇ ਪਤਨੀ, ਬਜ਼ੁਰਗ ਮਾਂ ਅਤੇ ਤਿੰਨ ਛੋਟੇ ਬੱਚੇ ਛੱਡ ਗਏ ਹਨ। ਉਹ ਆਪਣੇ ਪਰਿਵਾਰ ਦੇ ਇਕਲੌਤੇ ਕਮਾਉਣ ਵਾਲੇ ਮੈਂਬਰ ਸਨ। ਉਨ੍ਹਾਂ ਦੀ ਮੌਤ ਨਾਲ ਪੂਰਾ ਪਰਿਵਾਰ ਗਹਿਰੇ ਸਦਮੇ ਵਿੱਚ ਹੈ।
‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ