Cricket Canada President House Target: ਕੈਨੇਡਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਵੀ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਬ੍ਰਿਟਿਸ਼ ਕੋਲੰਬੀਆ ਦੇ ਕੈਨੇਡੀਅਨ ਸੂਬੇ ਸਰੀ ਵਿੱਚ, ਬੁੱਧਵਾਰ ਸਵੇਰੇ, ਕ੍ਰਿਕਟ ਕੈਨੇਡਾ ਦੇ ਨਵੇਂ ਪ੍ਰਧਾਨ ਅਰਵਿੰਦਰ ਖੋਸਾ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ। ਰਿਪੋਰਟਾਂ ਅਨੁਸਾਰ, ਅਣਪਛਾਤੇ ਹਮਲਾਵਰਾਂ ਨੇ ਸਵੇਰੇ 4:40 ਵਜੇ ਦੇ ਕਰੀਬ ਨਿਊਟਨ ਖੇਤਰ ਵਿੱਚ ਉਨ੍ਹਾਂ ਦੇ ਘਰ ਨੂੰ ਨਿਸ਼ਾਨਾ ਬਣਾਇਆ। ਘਰ ਦੇ ਦਰਵਾਜ਼ੇ, ਖਿੜਕੀਆਂ ਅਤੇ ਬਾਹਰੀ ਹਿੱਸੇ ‘ਤੇ ਕਈ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਇਸ ਘਟਨਾ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਪੁਲਿਸ ਵੱਲੋਂ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ।
ਤੜਕਸਾਰ ਹੋਇਆ ਹਮਲਾ
ਪੁਲਿਸ ਅਨੁਸਾਰ ਗੋਲੀਬਾਰੀ ਦੀ ਇਹ ਘਟਨਾ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਦੇ ਨਿਊਟਨ ਇਲਾਕੇ ਵਿੱਚ ਬੁੱਧਵਾਰ ਸਵੇਰੇ ਕਰੀਬ 4:40 ਵਜੇ ਵਾਪਰੀ। ਜਿਸ ਵੇਲੇ ਇਹ ਹਮਲਾ ਹੋਇਆ, ਅਰਵਿੰਦਰ ਖੋਸਾ ਦਾ ਪੂਰਾ ਪਰਿਵਾਰ ਘਰ ਦੇ ਅੰਦਰ ਸੌਂ ਰਿਹਾ ਸੀ। ਹਮਲਾਵਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਘਰ ਦੇ ਮੁੱਖ ਦਰਵਾਜ਼ੇ, ਖਿੜਕੀਆਂ ਅਤੇ ਬਾਹਰੀ ਕੰਧਾਂ ਨੂੰ ਚੀਰਦੀਆਂ ਹੋਈਆਂ ਨਿਕਲ ਗਈਆਂ।
ਅਰਵਿੰਦਰ ਖੋਸਾ ਨੇ ਖੁਦ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਜਾਂਚ ਦੌਰਾਨ ਘਰ ਦੇ ਦਰਵਾਜ਼ਿਆਂ ਅਤੇ ਖਿੜਕੀਆਂ ‘ਤੇ ਘੱਟੋ-ਘੱਟ 5 ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਰਾਹਤ ਦੀ ਗੱਲ ਇਹ ਰਹੀ ਕਿ ਇਸ ਗੋਲੀਬਾਰੀ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਜਾਂਚ ਵਿੱਚ ਜੁਟੀ ਪੁਲਿਸ
ਕੈਨੇਡੀਅਨ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਸ਼ੁਰੂਆਤੀ ਤੌਰ ‘ਤੇ ਇਸ ਨੂੰ ਜਬਰਨ ਵਸੂਲੀ ਨਾਲ ਜੁੜਿਆ ਮਾਮਲਾ ਮੰਨਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਕਿਸੇ ਵੀ ਹਮਲਾਵਰ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਜਾਂਚ ਜਾਰੀ ਹੈ ਅਤੇ ਨਾਲ ਹੀ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੇ ਘਟਨਾ ਸਬੰਧੀ ਕੋਈ ਸ਼ੱਕੀ ਗਤੀਵਿਧੀ ਵੇਖੀ ਹੋਵੇ ਤਾਂ ਉਹ ਪੁਲਿਸ ਨਾਲ ਸੰਪਰਕ ਕਰਨ। ਇਸ ਘਟਨਾ ਮਗਰੋਂ ਸਰੀ ਦੇ ਵਸਨੀਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਖੇਡ ਅਤੇ ਦੱਖਣੀ ਏਸ਼ੀਆਈ ਭਾਈਚਾਰੇ ਨਾਲ ਜੁੜੇ ਲੋਕਾਂ ਵੱਲੋਂ ਵੀ ਇਸ ਘਟਨਾ ‘ਤੇ ਚਿੰਤਾ ਜਤਾਈ ਜਾ ਰਹੀ ਹੈ।
ਹੋਰ ਪੜ੍ਹੋ