BJP Akali Alliance : ਪੰਜਾਬ ‘ਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਪਾਰਟੀਆਂ ਦੇ ਗਠਜੋੜ ਨੂੰ ‘ਠੱਗਜੋੜ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਗਠਜੋੜ ਪੰਜਾਬ ਦੇ ਹਿੱਤਾਂ ਲਈ ਨਹੀਂ, ਸਗੋਂ ਆਪਣੇ ਪਰਿਵਾਰਾਂ ਅਤੇ ਸਿਆਸੀ ਜ਼ਮੀਨ ਬਚਾਉਣ ਲਈ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਇਸ ਸਬੰਧੀ ਕਰੀਬ 9 ਮਿੰਟ ਦੀ ਵੀਡੀਓ ਜਾਰੀ ਕਰਕੇ ਭਾਜਪਾ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਪਿਛਲੇ ਸਮੇਂ ਦੌਰਾਨ ਇੱਕ-ਦੂਜੇ ਖ਼ਿਲਾਫ਼ ਬਿਆਨ ਦਿੰਦੀਆਂ ਰਹੀਆਂ ਹਨ, ਪਰ ਹੁਣ ਸੱਤਾ ਦੀ ਖ਼ਾਤਰ ਮੁੜ ਇਕੱਠੀਆਂ ਹੋ ਗਈਆਂ ਹਨ।
ਜਾਣੋ CM ਮਾਨ ਨੇ ਕੀ ਕਿਹਾ:
ਮਾਨ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਨੂੰ ਲੱਗਦਾ ਹੈ ਕਿ ਲੋਕ ਕੁਝ ਸਮੇਂ ਬਾਅਦ ਪੁਰਾਣੀਆਂ ਗੱਲਾਂ ਭੁੱਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲ ਪਰਿਵਾਰ ਤਿੰਨ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਸੀ, ਪਰ ਕਿਸਾਨ ਅੰਦੋਲਨ ਤੇਜ਼ ਹੋਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦੇ ਦਿੱਤਾ ਅਤੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਮਾਨ ਨੇ ਆਰੋਪ ਲਾਇਆ ਕਿ ਭਾਜਪਾ ਪੰਜਾਬ ਯੂਨੀਵਰਸਿਟੀ ‘ਤੇ ਕਬਜ਼ਾ ਕਰਨ ਅਤੇ ਇਸ ਦੇ ਪ੍ਰਬੰਧ ਵਿੱਚ ਬਦਲਾਅ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਭਾਜਪਾ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਅਤੇ ਇਸ ਨੂੰ ਪੰਜਾਬ ਤੋਂ ਵੱਖ ਕਰਨ ਦੀਆਂ ਗੱਲਾਂ ਕਰਦੀ ਰਹੀ ਹੈ।
ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਬੀਬੀਐੱਮਬੀ ਵਿੱਚ ਆਪਣੇ ਲੋਕਾਂ ਦੀ ਭਰਤੀ ਕਰਕੇ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀ ਹੈ। ਮਾਨ ਨੇ ਕਿਹਾ ਕਿ ਕੇਂਦਰ ਵੱਲੋਂ 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਲਈ ਉਨ੍ਹਾਂ ਦੀ ਸਰਕਾਰ ਨੇ ਲੜਾਈ ਲੜੀ।
ਉਨ੍ਹਾਂ ਸੁਖਬੀਰ ਬਾਦਲ ਦੇ ਪੁਰਾਣੇ ਬਿਆਨਾਂ ਦਾ ਹਵਾਲਾ ਦਿੰਦਿਆਂ ਭਾਜਪਾ ‘ਤੇ ਸਿੱਖ ਸੰਸਥਾਵਾਂ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਦੇ ਦੋਸ਼ ਲਗਾਏ। ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਕਦੇ ਵੱਖ ਹੋਣ ਦਾ ਦਿਖਾਵਾ ਕਰਦੇ ਹਨ ਤੇ ਕਦੇ ਮੁੜ ਇਕੱਠੇ ਹੋ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਦੀ ਸਰਕਾਰ ਦੌਰਾਨ ਹੀ ਪੰਜਾਬ ਵਿੱਚ ਨਸ਼ਿਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ। ਮਾਨ ਨੇ ਕਿਹਾ ਕਿ ਪਹਿਲਾਂ ਦੋਵੇਂ ਪਾਰਟੀਆਂ ਸਾਰੀਆਂ ਸੀਟਾਂ ‘ਤੇ ਇਕੱਲੇ ਚੋਣ ਲੜਨ ਦੀ ਗੱਲ ਕਰਦੀਆਂ ਸਨ, ਪਰ ਹੁਣ ਮੁੜ ਗਠਜੋੜ ਕਰ ਲਿਆ ਹੈ।
ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਇਸ ਸਮਝੌਤੇ ਦਾ ਮਕਸਦ ਪੰਜਾਬ ਦੀ ਭਲਾਈ ਨਹੀਂ, ਸਗੋਂ ਆਪਣੇ ਸਿਆਸੀ ਪਰਿਵਾਰਾਂ ਨੂੰ ਬਚਾਉਣਾ ਹੈ। ਮਾਨ ਨੇ ਭਾਜਪਾ ਦੇ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਭਾਜਪਾ ਆਗੂ ਅਕਾਲੀ ਆਗੂਆਂ ਨਾਲ ਮੰਚ ਸਾਂਝਾ ਕਰਨਗੇ ਤਾਂ ਨਸ਼ਿਆਂ ਖ਼ਿਲਾਫ਼ ਉਨ੍ਹਾਂ ਦੀ ਲੜਾਈ ਦਾ ਅਸਲ ਮਤਲਬ ਸਾਹਮਣੇ ਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਦੋਵਾਂ ਪਾਰਟੀਆਂ ਦੇ ਪੁਰਾਣੇ ਬਿਆਨ ਅਤੇ ਸਿਆਸੀ ਫੈਸਲੇ ਨਹੀਂ ਭੁੱਲੇ ਹਨ।