Sangrur News : ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਵਿਖੇ ਭੱਠਾ ਮਜ਼ਦੂਰਾਂ ਵੱਲੋਂ ਲਾਇਆ ਗਿਆ ਪੱਕਾ ਮੋਰਚਾ ਅੱਜ 26ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਨਾਮ ਦੌਰੇ ਮੌਕੇ ਵੱਡੀ ਗਿਣਤੀ ਵਿੱਚ ਭੱਠਾ ਮਜ਼ਦੂਰ ਇਕੱਠੇ ਹੋਏ ਅਤੇ ਆਪਣੀਆਂ ਕਾਨੂੰਨੀ ਤੇ ਹੱਕੀ ਮੰਗਾਂ ਦੇ ਹੱਕ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਮਜ਼ਦੂਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਸੰਘਰਸ਼ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਜਾ ਰਿਹਾ।
ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਧਰਮੂੰ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਦਿਲਵਰ ਖਾਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮਜ਼ਦੂਰ ਆਗੂਆਂ ਨੂੰ ਵਾਰ-ਵਾਰ ਮੀਟਿੰਗ ਦਾ ਭਰੋਸਾ ਦੇ ਕੇ ਸਾਰਾ ਦਿਨ ਉਡੀਕ ਵਿੱਚ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਗੰਭੀਰਤਾ ਦੀ ਘਾਟ ਨੂੰ ਦਰਸਾਉਂਦਾ ਹੈ। ਮਜ਼ਦੂਰਾਂ ਨੇ ਪੂਰਾ ਦਿਨ ਧੁੱਪ ਵਿੱਚ ਬੈਠ ਕੇ ਆਪਣੇ ਹੱਕਾਂ ਲਈ ਸੰਘਰਸ਼ ਕੀਤਾ, ਪਰ ਪ੍ਰਸ਼ਾਸਨ ਵੱਲੋਂ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ।
ਸ਼ਾਮ ਵੇਲੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮਜ਼ਦੂਰ ਆਗੂਆਂ ਦੀ ਮੀਟਿੰਗ ਕਰਵਾਈ ਗਈ। ਇਸ ਦੌਰਾਨ ਐਸੋਸੀਏਸ਼ਨ ਵੱਲੋਂ ਵਿੱਤ ਮੰਤਰੀ ਨੂੰ ਇੱਕ ਵਿਸਥਾਰਪੂਰਵਕ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਭੱਠਾ ਮਜ਼ਦੂਰਾਂ ਨੂੰ ਕਿਰਤ ਵਿਭਾਗ ਵੱਲੋਂ ਨਿਰਧਾਰਤ ਘੱਟੋ-ਘੱਟ ਉਜਰਤਾਂ ਤੁਰੰਤ ਲਾਗੂ ਕਰਵਾਉਣ, ਕੋਡ ਆਨ ਵੇਜਿਜ਼ ਅਤੇ ਹੋਰ ਕਿਰਤ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ, ਉਲੰਘਣਾ ਕਰਨ ਵਾਲੇ ਭੱਠਾ ਮਾਲਕਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਮਜ਼ਦੂਰਾਂ ਦਾ ਆਰਥਿਕ ਸ਼ੋਸ਼ਣ ਰੋਕਣ ਦੀ ਮੰਗ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਜ਼ਦੂਰ ਆਗੂਆਂ ਦੀਆਂ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਇਸ ਮਾਮਲੇ ਨੂੰ ਸਬੰਧਤ ਵਿਭਾਗਾਂ ਨਾਲ ਵਿਚਾਰ ਕੇ ਜਲਦ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਮਜ਼ਦੂਰ ਪਿਛਲੇ 25 ਦਿਨਾਂ ਤੋਂ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਹਨ, ਪਰ ਪ੍ਰਸਾਸ਼ਨ ਵੱਲੋਂ ਅਜੇ ਤੱਕ ਕੋਈ ਅਜਿਹਾ ਫ਼ੈਸਲਾ ਨਹੀਂ ਲਿਆ ਗਿਆ ਜਿਸ ਨਾਲ ਮਜ਼ਦੂਰਾਂ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਭੱਠਾ ਮਜ਼ਦੂਰਾਂ ਨੂੰ ਕਾਨੂੰਨੀ ਉਜਰਤਾਂ ਤੋਂ ਵਾਂਝਾ ਰੱਖਣਾ ਕਿਰਤ ਕਾਨੂੰਨਾਂ ਦੀ ਸਿੱਧੀ ਉਲੰਘਣਾ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜਥੇਬਦੀ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਭੱਠਾ ਮਜ਼ਦੂਰਾਂ ਦੀਆਂ ਜਾਇਜ਼ ਅਤੇ ਕਾਨੂੰਨੀ ਮੰਗਾਂ ਲਾਗੂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਸੰਗਰੂਰ ਵਿਖੇ ਚੱਲ ਰਿਹਾ ਪੱਕਾ ਮੋਰਚਾ ਅਤੇ ਸੰਘਰਸ਼ ਪੂਰੀ ਦ੍ਰਿੜਤਾ ਨਾਲ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਸ਼ਿੰਦਰ ਸਿੰਘ , ਜਸਵੀਰ ਸਿੰਘ , ਲਖਵਿੰਦਰ ਸਿੰਘ, ਕਰਮਜੀਤ ਸਿੰਘ, ਮਹਿੰਦਰ ਸਿੰਘ , ਕਾਲਾ ਸਿੰਘ, ਜੀਤਾ ਸਿੰਘ , ਮੰਗੂ ਸਿੰਘ , ਸੁਰਜੀਤ ਸਿੰਘ, ਰਾਜੂ ਸਿੰਘ ਅਤੇ ਸੇਬੀ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮਜਦੂਰ ਹਾਜਰ ਹੋਏ।