Diljit Dosanjh ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ, 30 ਅਕਤੂਬਰ ਨੂੰ ਹੋਵੇਗਾ ਲਾਈਵ ਸ਼ੋਅ, ਪੁਲਿਸ ਨੇ ਦਿੱਤੀ ਹਰੀ ਝੰਡੀ

0
4


Diljit Dosanjh Delhi Show : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਦਿੱਲੀ ਵਿੱਚ 30 ਅਕਤੂਬਰ ਨੂੰ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਲਾਈਵ ਕੰਸਰਟ ਨੂੰ ਦਿੱਲੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਮਨਜ਼ੂਰੀ ਮਿਲ ਗਈ ਹੈ। ਪ੍ਰਬੰਧਕਾਂ ਵੱਲੋਂ ਸੁਰੱਖਿਆ ਅਤੇ ਭੀੜ ਨੂੰ ਕੰਟਰੋਲ ਕਰਨ ਲਈ ਵਿਸਥਾਰਪੂਰਵਕ ਯੋਜਨਾ ਪੇਸ਼ ਕਰਨ ਤੋਂ ਬਾਅਦ ਪ੍ਰਸ਼ਾਸਨ ਨੇ ਪ੍ਰੋਗਰਾਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਨਿਊਜ਼ ਏਜੰਸੀ ਏਐਨਆਈ (ANI) ਦੀ ਰਿਪੋਰਟ ਮੁਤਾਬਕ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕੰਸਰਟ ਲਈ ਐਨਓਸੀ (NOC) ਅਤੇ ਹੋਰ ਲੋੜੀਂਦੀਆਂ ਮਨਜ਼ੂਰੀਆਂ ਦਿੱਤੇ ਜਾਣ ਦੀ ਪੁਸ਼ਟੀ ਕੀਤੀ ਹੈ।

ਪਹਿਲਾਂ ਪੁਲਿਸ ਨੇ ਮਨਜ਼ੂਰੀ ਦੇਣ ਤੋਂ ਕੀਤਾ ਸੀ ਇਨਕਾਰ

ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਕੰਸਰਟ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਚਿੰਤਾ ਜਤਾਈ ਸੀ। ਪੁਲਿਸ ਨੂੰ ਖਦਸ਼ਾ ਸੀ ਕਿ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਕਾਰਨ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਨ੍ਹਾਂ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਨਾ ਮਿਲਣ ਕਾਰਨ ਸ਼ੁਰੂ ਵਿੱਚ ਪ੍ਰੋਗਰਾਮ ਦੀ ਮਨਜ਼ੂਰੀ ਰੋਕ ਦਿੱਤੀ ਗਈ ਸੀ।

ਪੁਲਿਸ ਅਤੇ ਪ੍ਰਬੰਧਕਾਂ ਵਿਚਾਲੇ ਹੋਈਆਂ ਕਈ ਮੀਟਿੰਗਾਂ

ਕੰਸਰਟ ਦੀ ਮਨਜ਼ੂਰੀ ਨੂੰ ਲੈ ਕੇ ਬਣਿਆ ਅੜਿੱਕਾ ਦੂਰ ਕਰਨ ਲਈ ਪਿਛਲੇ ਕੁਝ ਦਿਨਾਂ ਦੌਰਾਨ ਪ੍ਰਬੰਧਕਾਂ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਕਈ ਮੀਟਿੰਗਾਂ ਹੋਈਆਂ। ਇਨ੍ਹਾਂ ਮੀਟਿੰਗਾਂ ਵਿੱਚ ਪ੍ਰਬੰਧਕਾਂ ਨੇ ਦਰਸ਼ਕਾਂ ਦੇ ਆਉਣ-ਜਾਣ ਦੇ ਰਸਤੇ, ਐਮਰਜੈਂਸੀ ਦੌਰਾਨ ਬਾਹਰ ਨਿਕਲਣ ਦੇ ਪ੍ਰਬੰਧ, ਪਾਰਕਿੰਗ ਅਤੇ ਭੀੜ ਨੂੰ ਸੰਭਾਲਣ ਸਬੰਧੀ ਪੂਰੀ ਯੋਜਨਾ ਪੇਸ਼ ਕੀਤੀ।

ਮਨਜ਼ੂਰੀ ਮਿਲਣ ਤੋਂ ਬਾਅਦ ਤਿਆਰੀਆਂ ਤੇਜ਼

ਹੁਣ ਪੁਲਿਸ ਅਤੇ ਪ੍ਰਸ਼ਾਸਨ ਤੋਂ ਮਨਜ਼ੂਰੀ ਮਿਲਣ ਮਗਰੋਂ 30 ਅਕਤੂਬਰ ਨੂੰ ਦਿਲਜੀਤ ਦੋਸਾਂਝ ਦਾ ਲਾਈਵ ਸ਼ੋਅ ਹੋਣ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਖ਼ਬਰ ਨਾਲ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਦਿਲਜੀਤ ਦੇ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਵੱਡੀ ਗਿਣਤੀ ਵਿੱਚ ਪ੍ਰਸ਼ੰਸਕਾਂ ਦੇ ਪਹੁੰਚਣ ਦੀ ਉਮੀਦ

ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਪ੍ਰਸ਼ਾਸਨ ਅਤੇ ਪ੍ਰਬੰਧਕਾਂ ਲਈ ਦਰਸ਼ਕਾਂ ਦੀ ਸੁਰੱਖਿਆ, ਟ੍ਰੈਫਿਕ ਵਿਵਸਥਾ ਅਤੇ ਭੀੜ ਨੂੰ ਕੰਟਰੋਲ ਕਰਨਾ ਵੱਡੀ ਜ਼ਿੰਮੇਵਾਰੀ ਹੋਵੇਗੀ। ਪ੍ਰਬੰਧਕਾਂ ਵੱਲੋਂ ਕੰਸਰਟ ਨੂੰ ਸਫਲ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।



News Source link