ਪੰਜਾਬ ਦੇ ਜਲੰਧਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰੇ ਦੇ ਬਾਹਰ ਪਾਵਨ ਸਰੂਪ ਦੇ 6 ਅੰਗ ਪਾੜੇ ਗਏ ਹਨ। ਇਸ ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਗੁੱਸੇ ਵਿੱਚ ਨਿਹੰਗ ਪਿੰਡ ਪਹੁੰਚੇ ਅਤੇ ਰੋਸ ਪ੍ਰਦਰਸ਼ਨ ਕਰਨ ਲੱਗ ਪਏ, ਜਿਸ ਨਾਲ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਸਥਾਨਕ ਸਿੱਖ ਸੰਗਤ ਅਤੇ ਧਾਰਮਿਕ ਜੱਥੇਬੰਦੀਆਂ ਵੱਲੋਂ ਵੀ ਇਸ ਘਟਨਾ ਦੀ ਕੜੀ ਨਿੰਦਾ ਕੀਤੀ ਗਈ ਹੈ।
ਪਿੰਡ ਦੇ ਸਰਪੰਚ ਹਰਣ ਦੇ ਪਰਿਵਾਰ ‘ਤੇ ਇਸ ਬੇਅਦਬੀ ਦੇ ਪਿੱਛੇ ਹੋਣ ਦੇ ਦੋਸ਼ ਲਗਾਏ ਜਾ ਰਹੇ ਹਨ, ਹਾਲਾਂਕਿ ਪੁਲਿਸ ਵੱਲੋਂ ਇਸ ਦੀ ਹਾਲੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਇਲਾਕੇ ਵਿੱਚ ਤਣਾਅ ਦੇ ਮੱਦੇਨਜ਼ਰ ਡੀਐਸਪੀ ਭਾਰਤ ਮਸੀਹ ਭਾਰੀ ਪੁਲਿਸ ਫੋਰਸ ਨਾਲ ਪਿੰਡ ਪਹੁੰਚੇ ਹਨ। ਇਸ ਦੇ ਨਾਲ ਹੀ ਸਿੱਖ ਜੱਥੇਬੰਦੀਆਂ ਵੱਲੋਂ ਇਲਾਕੇ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਧਾਰਮਿਕ ਜੱਥੇਬੰਦੀਆਂ ਨੇ ਸੰਭਾਲਿਆ ਮੋਰਚਾ
ਘਟਨਾ ਦੀ ਸੂਚਨਾ ਮਿਲਦੇ ਹੀ ਵੱਖ-ਵੱਖ ਸਿੱਖ ਜੱਥੇਬੰਦੀਆਂ ਅਤੇ ਸਤਿਕਾਰ ਕਮੇਟੀ ਦੇ ਮੈਂਬਰ ਤੁਰੰਤ ਮੌਕੇ ‘ਤੇ ਪਹੁੰਚ ਗਏ। ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਅੰਦਰ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਪੂਰੀ ਸਥਿਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਜੱਥੇਬੰਦੀਆਂ ਵੱਲੋਂ ਇਸ ਘਟਨਾ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਲਾਖਾਂ ਪਿੱਛੇ ਭੇਜਣ ਦੀ ਮੰਗ ਕੀਤੀ ਗਈ ਹੈ।
ਡੀਐਸਪੀ ਨੇ ਸ਼ਾਂਤੀ ਦੀ ਅਪੀਲ ਕੀਤੀ
ਮਾਮਲੇ ਸਬੰਧੀ ਡੀਐਸਪੀ ਭਾਰਤ ਮਸੀਹ ਭਾਰੀ ਪੁਲਿਸ ਫੋਰਸ ਦੇ ਨਾਲ ਪਿੰਡ ਮਾਲਾ ਪਹੁੰਚੇ। ਪੁਲਿਸ ਨੇ ਪਿੰਡ ਦੀ ਘੇਰਾਬੰਦੀ ਕਰ ਕੇ ਸਥਿਤੀ ਨੂੰ ਕਾਬੂ ਵਿੱਚ ਲਿਆ। ਤਣਾਅਪੂਰਨ ਮਾਹੌਲ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਡੀਐਸਪੀ ਭਾਰਤ ਮਸੀਹ ਨੇ ਪੁਸ਼ਟੀ ਕੀਤੀ ਕਿ ਪੁਲਿਸ ਵੱਲੋਂ ਕੁਝ ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਨੌਜਵਾਨਾਂ ਨੂੰ ਅਣਜਾਣ ਥਾਂ ‘ਤੇ ਲੈ ਜਾ ਕੇ ਗਹਿਰੀ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀਐਸਪੀ ਨੇ ਸਪਸ਼ਟ ਕੀਤਾ ਕਿ ਪੁਲਿਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਡੀਐਸਪੀ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ, ਜਾਂਚ ਦੇ ਦਿੱਤੇ ਆਦੇਸ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਲੰਧਰ ਜ਼ਿਲ੍ਹੇ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।
ਹੋਰ ਪੜ੍ਹੋ