Mad Sandhu Murder Case : ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੁਲਝਾ ਲਿਆ ਹੈ। ਪੁਲਸ ਨੇ ਗੁਜਰਾਤ ਪੁਲਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਮੁੱਖ ਸ਼ੂਟਰ ਸਮੇਤ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ 3 ਅਕਤੂਬਰ ਦੀ ਸ਼ਾਮ ਅੰਮ੍ਰਿਤਸਰ ਦੇ ਲੋਹਾਰਕਾ ਰੋਡ ‘ਤੇ ਮੈਡ ਸੰਧੂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਪਰਮਿੰਦਰ ਉਰਫ਼ ਕਾਕਾ, ਅਮਨਦੀਪ ਸਿੰਘ, ਪਰਮਵੀਰ ਸਿੰਘ, ਬਲਜਿੰਦਰ ਸਿੰਘ ਉਰਫ਼ ਲਾਲੀ, ਬਲਰਾਜ ਸਿੰਘ ਉਰਫ਼ ਬੰਟੀ ਅਤੇ ਵਿਕਾਸ ਸਿੰਘ ਵਜੋਂ ਹੋਈ ਹੈ।
ਪੁਲਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪਰਮਿੰਦਰ ਉਰਫ਼ ਕਾਕਾ ਇਸ ਮਾਮਲੇ ਦਾ ਮੁੱਖ ਮੁਲਜ਼ਮ ਅਤੇ ਸ਼ੂਟਰ ਹੈ। ਉਸ ਨੂੰ ਗੁਜਰਾਤ ਤੋਂ ਕਾਬੂ ਕੀਤਾ ਗਿਆ ਹੈ। ਕਾਨੂੰਨੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ।
ਪੁਲਸ ਮੁਤਾਬਕ ਇਸ ਮਾਮਲੇ ਦੀ ਜਾਂਚ ਲਈ ਡੀਸੀਪੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ। ਜਾਂਚ ਦੌਰਾਨ ਪੁਲਸ ਨੇ ਪਹਿਲਾਂ ਇਕ ਅਜਿਹੇ ਮੁਲਜ਼ਮ ਨੂੰ ਕਾਬੂ ਕੀਤਾ, ਜਿਸ ਨੇ ਮੁੱਖ ਮੁਲਜ਼ਮ ਨੂੰ ਲੁਕਣ ਅਤੇ ਹੋਰ ਮਦਦ ਮੁਹੱਈਆ ਕਰਵਾਈ ਸੀ। ਪੁੱਛਗਿੱਛ ਦੌਰਾਨ ਪੁਲਸ ਨੂੰ ਮੁੱਖ ਮੁਲਜ਼ਮ ਦੇ ਗੁਜਰਾਤ ‘ਚ ਲੁਕੇ ਹੋਣ ਬਾਰੇ ਸੁਰਾਗ ਮਿਲਿਆ।
ਪੁਲਸ ਨੇ ਦੱਸਿਆ ਕਿ ਮੁੱਖ ਮੁਲਜ਼ਮ ਨੇ ਆਪਣੇ ਮਦਦਗਾਰ ਤੋਂ ਪੈਸਿਆਂ ਦੀ ਮੰਗ ਕੀਤੀ ਸੀ। ਇਸ ਦੌਰਾਨ ਪੁਲਸ ਨੇ ਮਦਦਗਾਰ ਰਾਹੀਂ ਉਸ ਨੂੰ ਇਕ QR ਸਕੈਨਰ ਭੇਜਿਆ। ਜਿਵੇਂ ਹੀ ਮੁਲਜ਼ਮ ਨੇ ਇਸ ਦੀ ਵਰਤੋਂ ਕੀਤੀ, ਪੁਲਸ ਨੂੰ ਉਸ ਦੀ ਲੋਕੇਸ਼ਨ ਬਾਰੇ ਪਤਾ ਲੱਗ ਗਿਆ। ਇਸ ਤੋਂ ਬਾਅਦ ਗੁਜਰਾਤ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਫਿਲਹਾਲ ਪੁਲਸ ਵੱਲੋਂ ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਹੀ ਮੈਡ ਸੰਧੂ ਦੇ ਕਤਲ ਪਿੱਛੇ ਅਸਲ ਕਾਰਨ ਅਤੇ ਸਾਜ਼ਿਸ਼ ਬਾਰੇ ਪੂਰੀ ਜਾਣਕਾਰੀ ਸਾਹਮਣੇ ਆ ਸਕੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।