MP Amritpal Singh : ਪੰਜਾਬ ਦੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ। ਇਸ ਦੀ ਪੁਸ਼ਟੀ ‘ਵਾਰਿਸ ਪੰਜਾਬ ਦੇ’ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੇ ਉਨ੍ਹਾਂ ਦੀ ਗੈਰਹਾਜ਼ਰੀ ਅਤੇ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਜਿਤਾ ਕੇ ਸਾਂਸਦ ਬਣਾਇਆ ਤਾਂ ਵਿਧਾਨ ਸਭਾ ਚੋਣਾਂ ਵਿੱਚ ਵੀ ਲੋਕ ਉਨ੍ਹਾਂ ਦਾ ਸਮਰਥਨ ਕਰਨਗੇ।
ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਕਿਸ ਹਲਕੇ ਤੋਂ ਚੋਣ ਲੜਣਗੇ, ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ। ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਲੋਕ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ ਅਤੇ ਪਾਰਟੀ ਪਹਿਲਾਂ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਸਾਂਸਦ ਚੁਣੇ ਜਾਣ ਤੋਂ ਬਾਅਦ ਉਹ ਇੱਕ ਵਾਰ ਵੀ ਲੋਕ ਸਭਾ ਦੀ ਕਾਰਵਾਈ ਵਿੱਚ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਿਆ ਕੇ ਸਹੁੰ ਚੁਕਾਈ ਗਈ ਸੀ।
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਲਾਗੂ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਅੰਮ੍ਰਿਤਪਾਲ ਰਿਹਾਅ ਨਾ ਹੋਏ ਤਾਂ ਉਹ ਜੇਲ੍ਹ ਤੋਂ ਹੀ 2027 ਦੀ ਵਿਧਾਨ ਸਭਾ ਚੋਣ ਲੜਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ 2024 ਦੀ ਲੋਕ ਸਭਾ ਚੋਣ ਵੀ ਜੇਲ੍ਹ ਤੋਂ ਹੀ ਲੜੀ ਸੀ, ਜਿਸ ਵਿੱਚ ਉਹ ਪੰਜਾਬ ਵਿੱਚ ਸਭ ਤੋਂ ਵੱਧ ਵੋਟਾਂ ਦੇ ਫਰਕ ਨਾਲ ਜੇਤੂ ਰਹੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।