Parvinder Singh Jhotta ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਬਣਾਈ ਕਮੇਟੀ ਨਾਲ ਪਰਿਵਾਰ ਦੀ ਮੀਟਿੰਗ ਰਹੀ ਬੇਸਿੱਟਾ ,ਜਾਣੋ ਪੂਰਾ ਮਾਮਲਾ   

0
1


Parvinder Singh Jhotta Case : ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਨਾਲ ਪਰਿਵਾਰ ਦੀ ਪਹਿਲੀ ਮੀਟਿੰਗ ਬੇਸਿੱਟਾ ਰਹੀ। ਸੋਮਵਾਰ ਨੂੰ ਤਿੰਨ ਮਹਿਲਾ IAS ਅਧਿਕਾਰੀ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਪਤਨੀ ਮਨਪ੍ਰੀਤ ਕੌਰ ਨਾਲ ਮੁਲਾਕਾਤ ਕਰਨ ਪਹੁੰਚੀਆਂ ਸਨ।

ਇਸ ਮੀਟਿੰਗ ਵਿੱਚ ਪਰਿਵਾਰ ਵੱਲੋਂ ਬਣਾਈ ਗਈ ਐਕਸ਼ਨ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਮੰਗਾਂ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਲਈ ਪਰਵਿੰਦਰ ਸਿੰਘ ਝੋਟਾ ਦਾ ਸਸਕਾਰ ਫਿਲਹਾਲ ਨਹੀਂ ਕੀਤਾ ਜਾਵੇਗਾ।

ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਸਰਕਾਰ ਦੀ ਕਮੇਟੀ ਨੂੰ ਮੰਗ ਪੱਤਰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਧਰਨਾ ਖ਼ਤਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪਰਿਵਾਰ ਨਾਲ ਮੁਲਾਕਾਤ ਕਰਨ ਆ ਰਹੇ ਹਨ। ਕਮੇਟੀ ਨੇ ਮੰਗ ਕੀਤੀ ਕਿ ਅਮਿਤ ਸ਼ਾਹ ਪਰਿਵਾਰ ਨੂੰ ਮਿਲਣ ਦੇ ਨਾਲ-ਨਾਲ ਇਸ ਮਾਮਲੇ ਵਿੱਚ CBI ਜਾਂਚ ਦਾ ਐਲਾਨ ਵੀ ਕਰਕੇ ਜਾਣ।

AAP ਵਿਧਾਇਕਾਂ ਦੇ ਘਰਾਂ ’ਤੇ ਲਾਹਨਤ ਪੱਤਰ ਦੇਣ ਪਹੁੰਚੇ ਕਿਸਾਨ ਤੇ ਅਕਾਲੀ ਆਗੂ

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਸੋਮਵਾਰ ਨੂੰ ਇਨਸਾਫ਼ ਕਮੇਟੀ, ਕਿਸਾਨ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ ਦੇ ਘਰਾਂ ਵਿੱਚ ਲਾਹਨਤ ਪੱਤਰ ਦੇਣ ਪਹੁੰਚੇ। ਇਸ ਦੌਰਾਨ ਕਈ ਥਾਵਾਂ ’ਤੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅ ਦੇਖਣ ਨੂੰ ਮਿਲਿਆ।

ਲੁਧਿਆਣਾ ਵਿੱਚ AAP ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਘਰ ਵੱਲ ਜਾ ਰਹੇ ਅਕਾਲੀ ਆਗੂਆਂ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਦਿੱਤਾ। ਇਸ ’ਤੇ ਆਗੂਆਂ ਨੇ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕੀਤੀ। ਬਾਅਦ ਵਿੱਚ 6 ਆਗੂਆਂ ਨੂੰ ਅੱਗੇ ਜਾਣ ਦੀ ਇਜਾਜ਼ਤ ਦਿੱਤੀ ਗਈ।

ਇਸੇ ਤਰ੍ਹਾਂ ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੀ ਰਿਹਾਇਸ਼ ਦੇ ਬਾਹਰ ਪੁਲਿਸ, ਕਿਸਾਨਾਂ ਅਤੇ ਅਕਾਲੀ ਆਗੂਆਂ ਵਿਚਾਲੇ ਤਣਾਅ ਬਣ ਗਿਆ। ਕਿਸਾਨ ਬੈਰੀਕੇਡ ਤੋੜ ਕੇ ਅੱਗੇ ਵਧੇ ਅਤੇ ਵਿਧਾਇਕ ਦੀ ਕੋਠੀ ’ਤੇ ਲਾਹਨਤ ਪੱਤਰ ਚਿਪਕਾ ਦਿੱਤਾ।

ਮੌੜ ਮੰਡੀ ਵਿੱਚ ਅਕਾਲੀ ਆਗੂਆਂ ਵਿਚਾਲੇ ਤਿੱਖੀ ਬਹਿਸ

ਮੌੜ ਮੰਡੀ ਵਿੱਚ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਦੀ ਰਿਹਾਇਸ਼ ਦੇ ਬਾਹਰ ਧਰਨੇ ਦੌਰਾਨ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹਲਕਾ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇੱਕ ਵਰਕਰ ਵਿਚਾਲੇ ਤਿੱਖੀ ਬਹਿਸ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਬਹਿਸ ਲੱਖਾ ਸਿਧਾਣਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦੌਰਾਨ ਹੋਈ। ਦੋਵਾਂ ਧਿਰਾਂ ਵਿਚਾਲੇ ਪੰਜਾਬ ਦੀਆਂ ਵੱਖ-ਵੱਖ ਸਰਕਾਰਾਂ ਦੇ ਕੰਮਕਾਜ, ਪਿਛਲੀ ਅਕਾਲੀ ਸਰਕਾਰ ਦੇ ਫ਼ੈਸਲਿਆਂ ਅਤੇ ਭਾਜਪਾ ਨਾਲ ਗੱਠਜੋੜ ਵਰਗੇ ਮੁੱਦਿਆਂ ’ਤੇ ਤਿੱਖੀ ਨੋਕ-ਝੋਕ ਹੋਈ।

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਹੁਣ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਸਭ ਦੀਆਂ ਨਜ਼ਰਾਂ ਹੁਣ 20 ਅਕਤੂਬਰ ਨੂੰ ਅਮਿਤ ਸ਼ਾਹ ਦੀ ਫੇਰੀ ਅਤੇ ਇਸ ਮਾਮਲੇ ਵਿੱਚ ਹੋਣ ਵਾਲੇ ਅਗਲੇ ਐਲਾਨ ’ਤੇ ਟਿਕੀਆਂ ਹੋਈਆਂ ਹਨ।



News Source link