Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਮਹਿਲਾਵਾਂ ਨੂੰ 1 ਜੁਲਾਈ ਤੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਯੋਜਨਾ ਦੇ ਲਾਗੂ ਕਰਨ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਮਕਸਦ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਸਨਮਾਨ ਨਾਲ ਜੀਵਨ ਬਤੀਤ ਕਰਨ ਦੇ ਯੋਗ ਬਣਾਉਣਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੀ ਹਰ ਯੋਗ ਮਹਿਲਾ ਨੂੰ 1,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ, ਜਦਕਿ ਅਨੁਸੂਚਿਤ ਜਾਤੀ (SC) ਵਰਗ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ ਕਿ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਜੋ ਮਹਿਲਾਵਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ।
ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸਰਕਾਰ ਨੇ ਇਸ ਨੂੰ ਲਾਗੂ ਕਰਨ ਲਈ ਬਜਟ ਵਿੱਚ 9,300 ਕਰੋੜ ਰੁਪਏ ਰਾਖਵੇਂ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਮਹਿਲਾਵਾਂ ਨੂੰ ਅਮੀਰ ਨਹੀਂ ਬਣਾਏਗੀ ਪਰ ਇਹ ਉਨ੍ਹਾਂ ਨੂੰ ਸਵੈ-ਮਾਣ ਅਤੇ ਆਤਮਵਿਸ਼ਵਾਸ ਜ਼ਰੂਰ ਦੇਵੇਗੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਭ ਤੋਂ ਵੱਧ ਸਨਮਾਨ ਦੀਆਂ ਹੱਕਦਾਰ ਹਨ ਕਿਉਂਕਿ ਉਹ ਜੀਵਨ ਦਾ ਸਰੋਤ ਹਨ। ਮਾਵਾਂ ਅਤੇ ਭੈਣਾਂ ਦੀਆਂ ਦੁਆਵਾਂ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਪਰਿਵਾਰ ਦੀ ਭਲਾਈ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਲਈ ਉਨ੍ਹਾਂ ਦੀ ਆਰਥਿਕ ਆਜ਼ਾਦੀ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਰੋਜ਼ ਲੱਖਾਂ ਮਹਿਲਾਵਾਂ ਦੇ ਨਾਮ ਦਰਜ ਕੀਤੇ ਜਾ ਰਹੇ ਹਨ। ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਲਈ ਕਰੀਬ 2 ਲੱਖ ‘ਮਹਿਲਾ ਸਤਿਕਾਰ ਸਖੀਆਂ’ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।
ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਡਿਪਟੀ ਕਮਿਸ਼ਨਰਾਂ ਵੱਲੋਂ ਨਿਰਧਾਰਿਤ ਹੋਰ ਥਾਵਾਂ ‘ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਸਨਮਾਨ ਤੇ ਆਤਮਵਿਸ਼ਵਾਸ ਨਾਲ ਜੀਵਨ ਜਿਊਣ ਵਿੱਚ ਮਦਦਗਾਰ ਸਾਬਤ ਹੋਵੇਗੀ।
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ