Punjab Municipal Election: ਪੰਜਾਬ ਰਾਜ ਚੋਣ ਕਮਿਸ਼ਨ ਨੇ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਦੀਆਂ ਨਗਰ ਕੌਂਸਲਾਂ ਵਿੱਚ ਚੋਣ ਪ੍ਰਕਿਰਿਆ ਸ਼ਨੀਵਾਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਸੰਬੰਧਿਤ ਇਲਾਕਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ, ਜੋ ਪੂਰੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ।
ਤੈਅ ਸ਼ਡਿਊਲ ਮੁਤਾਬਕ ਇੱਛੁਕ ਉਮੀਦਵਾਰ 30 ਮਈ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸੰਬੰਧਿਤ ਰਿਟਰਨਿੰਗ ਅਫਸਰ ਦੇ ਦਫਤਰ ਵਿੱਚ ਜਮ੍ਹਾਂ ਹੋਣਗੀਆਂ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਾਰੀਖ 3 ਜੂਨ ਦੁਪਹਿਰ 3 ਵਜੇ ਤੱਕ ਰਹੇਗੀ। ਇਸ ਤੋਂ ਬਾਅਦ 4 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ (ਸਕਰੂਟਨੀ) ਕੀਤੀ ਜਾਵੇਗੀ।
13 ਜੂਨ ਨੂੰ ਹੋਵੇਗੀ ਵੋਟਿੰਗ
ਚੋਣ ਕਮਿਸ਼ਨ ਦੇ ਸ਼ਡਿਊਲ ਅਨੁਸਾਰ 5 ਜੂਨ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਮੁਕੰਮਲ ਹੋਣ ਤੋਂ ਬਾਅਦ ਉਸੇ ਦਿਨ ਵੋਟਾਂ ਦੀ ਗਿਣਤੀ ਵੀ ਕੀਤੀ ਜਾਵੇਗੀ।
ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ ਜ਼ਾਬਤਾ
ਚੋਣਾਂ ਦੇ ਐਲਾਨ ਨਾਲ ਹੀ ਇਨ੍ਹਾਂ ਨਗਰ ਕੌਂਸਲਾਂ ਵਿੱਚ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ, ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਪ੍ਰਭਾਵੀ ਰਹੇਗਾ। ਕਮਿਸ਼ਨ ਨੇ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਪੂਰੇ ਕਰ ਲਏ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਕਤ ਚਾਰ ਨਗਰ ਕੌਂਸਲਾਂ ‘ਚ 10 ਜੂਨ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਦੀਨਾਨਗਰ, ਗੁਰਦਾਸਪੁਰ, ਸ਼ਾਮ ਚੌਰਾਸੀ ਅਤੇ ਕਾਦੀਆਂ ਨਗਰ ਕੌਂਸਲਾਂ ਲਈ 10 ਜੂਨ ਨੂੰ ਵੋਟਾਂ ਪੈਣੀਆਂ ਸਨ, ਜਿਸ ਤੋਂ ਬਾਅਦ ਹੁਣ ਇਨ੍ਹਾਂ ਚੋਣਾਂ ਲਈ ਤਾਰੀਖ਼ਾਂ ‘ਚ ਬਦਲਾਅ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਚੋਣਾਂ 13 ਜੂਨ ਨੂੰ ਕਰਵਾਈਆਂ ਜਾਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ