Punjab News : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਦੇ ਬਜਟ ਨੂੰ “ਪੰਜਾਬ ਦੀਆਂ ਜੜ੍ਹਾ ਉਖਾੜਨ ਵਾਲਾ ਬਜਟ” ਦੱਸਿਆ ਹੈ। ਉਨ੍ਹਾਂ ਇਹ ਟਿੱਪਣੀ ਬਰਨਾਲਾ ‘ਚ ਇੱਕ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੇ ਉਪ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹੋਰ ਪਾਰਟੀ ਵਰਕਰ ਵੀ ਮੌਜੂਦ ਸਨ।
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ‘ਤੇ 4.5 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਸਵਾਲ ਕੀਤਾ ਕਿ ਸਰਕਾਰ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੇਣ ਦੀ ਗੱਲ ਕਰ ਰਹੀ ਹੈ ਪਰ ਪੈਸਾ ਕਿੱਥੋਂ ਆਵੇਗਾ? ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਨੂੰ “ਗਾਰੰਟੀਆਂ ਪੂਰੀਆਂ ਕਰਨ ਵਾਲਾ ਬਜਟ” ਕਹਿਣ ‘ਤੇ ਜਾਖੜ ਨੇ ਪਲਟਵਾਰ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਅਸਲ ਵਿੱਚ ਪੰਜਾਬ ਦੀਆਂ ਜੜ੍ਹਾ ਉਖਾੜਨ ਵਾਲਾ ਹੈ।
ਪੈਸੇ ਨਹੀਂ ਤਾਂ ਗਾਰੰਟੀਆਂ ਕਿਵੇਂ ਪੂਰੀਆਂ ਹੋਣਗੀਆਂ? ਕੇਵਲ ਸਿੰਘ ਢਿੱਲੋਂ
ਇਸ ਮੌਕੇ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬੀ ਕਹਾਵਤ “ਪੱਲੇ ਨੀ ਥੇਲਾ ਕਰਦੀ ਮੇਲਾ ਮੇਲਾ” ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪੰਜਾਬ ਕੋਲ ਪੈਸੇ ਹੀ ਨਹੀਂ ਹਨ ਤਾਂ ਅਜਿਹੇ ‘ਚ ਗਰੰਟੀਆਂ ਕਿਵੇਂ ਪੂਰੀਆਂ ਹੋਣਗੀਆਂ? ਕੇਵਲ ਸਿੰਘ ਢਿੱਲੋਂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਵਿਗੜ ਚੁੱਕੀ ਹੈ। ਆਮ ਆਦਮੀ ਪਾਰਟੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦਾ ਕਰਜ਼ਾ 4 ਲੱਖ ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ। ਉਨ੍ਹਾਂ ਆਰੋਪ ਲਗਾਇਆ ਕਿ ਸਰਕਾਰ ਹਰ ਫਰੰਟ ‘ਤੇ ਅਸਫਲ ਹੋ ਰਹੀ ਹੈ।
ਮੋਗੀ ਰੈਲੀ ਵਿੱਚ ਸ਼ਾਮਲ ਹੋਣਗੇ ਅਮਿਤ ਸ਼ਾਹ
ਸੁਨੀਲ ਜਾਖੜ ਨੇ ਦੱਸਿਆ ਕਿ 14 ਮਾਰਚ ਨੂੰ ਮੋਗਾ ਵਿੱਚ ਭਾਜਪਾ ਵੱਲੋਂ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਹੋਣਗੇ। ਇਸ ਰੈਲੀ ਸਬੰਧੀ ਅੱਜ ਬਰਨਾਲਾ ਜ਼ਿਲ੍ਹੇ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਇੱਕ ਮੀਟਿੰਗ ਕੀਤੀ ਗਈ। ਜਾਖੜ ਨੇ ਕਿਹਾ ਕਿ ਇਹ ਭਾਜਪਾ ਲਈ ਇੱਕ ਇਤਿਹਾਸਕ ਰੈਲੀ ਹੋਵੇਗੀ ਅਤੇ ਪੰਜਾਬ ਭਰ ਤੋਂ ਲੱਖਾਂ ਲੋਕ ਇਸ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ, ਕਿਉਂਕਿ ਹੁਣ ਭਾਜਪਾ ਹੀ ਪੰਜਾਬ ਦੇ ਲੋਕਾਂ ਲਈ ਇੱਕੋ ਇੱਕ ਉਮੀਦ ਬਚੀ ਹੈ।
ਹੋਰ ਪੜ੍ਹੋ