Punjab-Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਵਿੱਚ ਤਬਦੀਲੀ ਆਈ ਹੈ। ਦੱਸ ਦੇਈਏ ਕਿ ਤੇਜ਼ ਤੂਫਾਨ ਅਤੇ ਬਾਰਿਸ਼ ਕਾਰਨ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਹੀਟਵੇਵ ਤੋਂ ਰਾਹਤ ਮਿਲੀ ਹੈ। ਦਰਅਸਲ, ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ 0.1 ਡਿਗਰੀ ਘੱਟ ਗਿਆ ਹੈ, ਜੋਕਿ ਆਮ ਨਾਲੋਂ ਲਗਭਗ 6.1 ਡਿਗਰੀ ਘੱਟ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਅੱਜ ਕੁਝ ਥਾਵਾਂ ‘ਤੇ ਗਰਜ, ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 10 ਮਈ ਤੱਕ ਵੱਡੀ ਅਪਡੇਟ ਜਾਰੀ ਕੀਤੀ ਹੈ।
ਛਮ-ਛਮ ਵਰ੍ਹੇਗਾ ਮੀਂਹ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ 6 ਅਤੇ 7 ਮਈ ਨੂੰ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ 48 ਘੰਟਿਆਂ ‘ਚ ਵੱਧ ਤੋਂ ਵੱਧ ਤਾਪਮਾਨ ‘ਚ ਲਗਭਗ 2 ਡਿਗਰੀ ਵਾਧਾ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ ਇਸ ‘ਚ 3 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਕੁਝ ਖੇਤਰਾਂ ‘ਚ ਬਿਜਲੀ ਦੇ ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ‘ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਦੀ ਸੰਭਾਵਨਾ ਹੈ।
ਗਰਜ-ਚਮਕ ਦੇ ਨਾਲ-ਨਾਲ ਗੜੇਮਾਰੀ ਦੀ ਭਵਿੱਖਬਾਣੀ
ਮੌਸਮ ਵਿਭਾਗ ਨੇ 7 ਮਈ ਨੂੰ ਪੰਜਾਬ ਦੇ ਦੱਖਣੀ-ਪੱਛਮੀ ਜ਼ਿਲ੍ਹੇ ਜਿਵੇਂ ਕਿ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਬਠਿੰਡਾ ਅਤੇ ਮਾਨਸਾ ‘ਚ ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਥੇ ਗਰਜ-ਚਮਕ ਦੇ ਨਾਲ-ਨਾਲ ਗੜੇਮਾਰੀ ਅਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਉਥੇ ਹੀ 8 ਅਤੇ 9 ਮਈ ਨੂੰ ਪੂਰੇ ਪੰਜਾਬ ‘ਚ ਕੋਈ ਵਿਸ਼ੇਸ਼ ਚਿਤਾਵਨੀ ਨਹੀਂ ਦਿੱਤੀ ਗਈ ਹੈ ਅਤੇ ਮੌਸਮ ਆਮ ਤੌਰ ‘ਤੇ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
10 ਮਈ ਨੂੰ ਫਿਰ ਪੰਜਾਬ ਦੇ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਉੱਤਰੀ ਅਤੇ ਮੱਧ ਪੰਜਾਬ ਦੇ ਕਈ ਜ਼ਿਲ੍ਹੇ ਜਿਨ੍ਹਾਂ ‘ਚ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਐੱਸ. ਏ. ਐੱਸ. ਨਗਰ (ਮੋਹਾਲੀ) ਸ਼ਾਮਲ ਹਨ, ਇਨ੍ਹਾਂ ‘ਚ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਇਨ੍ਹਾਂ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।
ਹੋਰ ਪੜ੍ਹੋ