Punjab News : ਲੁਧਿਆਣਾ ਦੇ ਹੈਬੋਵਾਲ ਦੇ ਲਕਸ਼ਮੀ ਨਗਰ ਇਲਾਕੇ ਤੋਂ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਤਨੀ ਨਾਲ ਹੋਏ ਝਗੜੇ ਤੋਂ ਬਾਅਦ 22 ਸਾਲਾ ਨੌਜਵਾਨ ਨੇ ਕਥਿਤ ਤੌਰ ’ਤੇ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਦਵਿੰਦਰ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਹਰਦੋਈ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਲੁਧਿਆਣਾ ਵਿੱਚ ਕੱਪੜੇ ਪ੍ਰੈੱਸ ਕਰਨ ਦਾ ਕੰਮ ਕਰਦਾ ਸੀ।
ਮ੍ਰਿਤਕ ਦੀ ਪਤਨੀ ਅੰਜਲੀ ਨੇ ਦੱਸਿਆ ਕਿ ਉਨ੍ਹਾਂ ਦਾ ਵਿਆਹ ਕਰੀਬ ਡੇਢ ਸਾਲ ਪਹਿਲਾਂ ਹੋਇਆ ਸੀ। ਉਹ ਇਸ ਵੇਲੇ 6 ਮਹੀਨੇ ਦੀ ਗਰਭਵਤੀ ਹੈ ਅਤੇ ਬੀਮਾਰ ਰਹਿਣ ਕਾਰਨ ਡਾਕਟਰਾਂ ਨੇ ਉਸ ਨੂੰ ਸਰੀਰਕ ਸਬੰਧ ਬਣਾਉਣ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਸੀ। ਅੰਜਲੀ ਮੁਤਾਬਕ ਰਾਤ ਨੂੰ ਉਸ ਦਾ ਪਤੀ ਸ਼ਰਾਬ ਦੇ ਨਸ਼ੇ ਵਿੱਚ ਘਰ ਆਇਆ ਅਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਉਣ ਲੱਗਾ। ਉਸ ਵੱਲੋਂ ਡਾਕਟਰੀ ਸਲਾਹ ਦਾ ਹਵਾਲਾ ਦੇ ਕੇ ਇਨਕਾਰ ਕਰਨ ’ਤੇ ਦੋਵਾਂ ਵਿਚਾਲੇ ਝਗੜਾ ਹੋ ਗਿਆ।
ਅਗਲੀ ਸਵੇਰ ਜਦੋਂ ਅੰਜਲੀ ਕਿਸੇ ਕਾਰਨ ਕੰਮ ਤੋਂ ਵਾਪਸ ਘਰ ਆਈ ਤਾਂ ਉਸ ਨੇ ਪਤੀ ਨੂੰ ਕਮਰੇ ਵਿੱਚ ਫਾਹੇ ਨਾਲ ਲਟਕਿਆ ਹੋਇਆ ਦੇਖਿਆ। ਗੁਆਂਢੀਆਂ ਦੀ ਮਦਦ ਨਾਲ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਣ ’ਤੇ ਹੈਬੋਵਾਲ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ। ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।