Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਇੱਕ ਧੀ ਨੇ ਆਪਣੇ ਪਿਤਾ ਨੂੰ ਗੋਲੀ ਮਾਰ ਦਿੱਤੀ। ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਉਸਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ, ਜਿੱਥੇ ਉਸਦੀ ਹਾਲਤ ਇਸ ਸਮੇਂ ਸਥਿਰ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਥਾਣਾ ਖਿਲਚੀਆਂ ਇਲਾਕੇ ਵਿੱਚੋਂ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਧੀ ਵੱਲੋਂ ਆਪਣੇ ਹੀ ਪਿਤਾ ਨੂੰ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਹਥਿਆਰ ਸਮੇਤ ਕਾਬੂ ਕਰ ਲਿਆ। ਪਰਿਵਾਰਿਕ ਮੈਂਬਰਾਂ ਦੇ ਅਨੁਸਾਰ ਕੁੜੀ ਸਨੇਹਦੀਪ ਕੌਰ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਘਟਨਾ ਵੇਲੇ ਉਸਦੇ ਪਿਤਾ ਪਰਮਿੰਦਰ ਸਿੰਘ ਅਰਦਾਸ ਕਰ ਰਹੇ ਸਨ ਅਤੇ ਕੋਲ ਹੀ ਲਾਇਸੈਂਸੀ ਪਿਸਤੌਲ ਪਈ ਹੋਈ ਸੀ। ਇਸ ਦੌਰਾਨ ਸਨੇਹਦੀਪ ਕੌਰ ਨੇ ਪਿਸਤੌਲ ਚੁੱਕ ਕੇ ਗੋਲੀ ਚਲਾ ਦਿੱਤੀ, ਜੋ ਪਿਤਾ ਦੀ ਪਿੱਠ ਵਿੱਚ ਲੱਗੀ। ਜ਼ਖ਼ਮੀ ਪਰਮਿੰਦਰ ਸਿੰਘ ਨੂੰ ਤੁਰੰਤ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਪਰਿਵਾਰ ਨੇ ਪੁਲਿਸ ਨੂੰ ਅਪੀਲ ਕੀਤੀ
ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਵੀ ਸਪੱਸ਼ਟ ਕੀਤਾ ਕਿ ਆਸਟ੍ਰੇਲੀਆ ਜਾਣ ਸਬੰਧੀ ਚੱਲ ਰਹੀਆਂ ਗੱਲਾਂ ਬਿਲਕੁਲ ਗਲਤ ਹਨ ਅਤੇ ਇਸ ਘਟਨਾ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ। ਪਰਿਵਾਰ ਨੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਐੱਫ.ਆਈ.ਆਰ. ਰੱਦ ਕਰਕੇ ਉਨ੍ਹਾਂ ਦੀ ਧੀ ਨੂੰ ਰਿਹਾਅ ਕੀਤਾ ਜਾਵੇ, ਕਿਉਂਕਿ ਉਹ ਮਾਨਸਿਕ ਤੌਰ ’ਤੇ ਠੀਕ ਨਹੀਂ ਹੈ।
ਉੱਧਰ, ਪੁਲਿਸ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ 14 ਤਰੀਕ ਨੂੰ ਪਰਮਿੰਦਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਉਸ ਦੀ ਧੀ ਸਨੇਹਦੀਪ ਕੌਰ ਦੇ ਆਜ਼ਾਦ ਖਿਆਲਾਂ ਅਤੇ ਵਿਦੇਸ਼ ਜਾਣ ਦੇ ਮਾਮਲੇ ਨੂੰ ਲੈ ਕੇ ਘਰ ਵਿੱਚ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਗੁੱਸੇ ਵਿੱਚ ਆ ਕੇ ਧੀ ਨੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ। ਪੁਲਿਸ ਨੇ ਮੁਲਜ਼ਮਾ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਬਰਾਮਦ ਕਰ ਲਿਆ ਹੈ।
ਹੋਰ ਪੜ੍ਹੋ