Shiromani Akali Dal: ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੋਗਾ ਜ਼ਿਲ੍ਹੇ ਵਿੱਚ ਕਾਂਗਰਸ ਅਤੇ ਪੁਨਰ ਸੁਰਜੀਤ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਸਾਬਕਾ ਕਾਂਗਰਸੀ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ ਅਤੇ ਪੁਨਰ ਸੁਰਜੀਤ ਧੜੇ ਦੇ ਆਗੂ ਹਰਭੁਪਿੰਦਰ ਸਿੰਘ ਲਾਡੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਵੱਡੀ ਮਜ਼ਬੂਤੀ
ਸੁਖਬੀਰ ਸਿੰਘ ਬਾਦਲ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਬੁੱਟਰ ਕਲਾਂ ਦੇ ਦੌਰੇ ਦੌਰਾਨ ਇਹ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਨਾਲ ਨਿਹਾਲ ਸਿੰਘ ਵਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਹਨਾਂ ਦੋ ਆਗੂਆਂ ਤੋਂ ਇਲਾਵਾ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹੋਰ ਆਗੂਆਂ ਵਿਚ ਯੂਥ ਆਗੂ ਜਸਦੀਪ ਸਿੰਘ ਆਪਣੇ 200 ਸਮਰਥਕਾਂ ਨਾਲ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਦੇਵ ਸਿੰਘ ਭਾਗੀਕੇ, ਬਲਾਕ ਸੰਮਤੀ ਮੈਂਬਰ ਪਲਵਿੰਦਰ ਸਿੰਘ ਬੁੱਟਰ, ਸਾਬਕਾ ਸਰਪੰਚ ਹਰਮੇਲ ਕੌਰ ਰਾਮੂਵਾਲ ਹਰਚੋਕੇ ਅਤੇ ਐਡਵੋਕੇਟ ਅਮਨਿੰਦਰ ਸਿੰਘ ਬੁੱਟਰ ਵੀ ਸ਼ਾਮਲ ਹਨ।
ਸੁਖਬੀਰ ਸਿੰਘ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਕੀਤੀ ਅਪੀਲ
ਸੁਖਬੀਰ ਸਿੰਘ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੁਨਰ ਸੁਰਜੀਤ ਅਕਾਲੀ ਦਲ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ। ਉਹਨਾਂ ਕਿਹਾ ਕਿ ਇਸ ਧੜੇ ਨੇ ਕੇਂਦਰੀ ਏਜੰਸੀਆਂ ਨਾਲ ਰਲ ਕੇ ਅਕਾਲੀ ਦਲ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਸੀ। ਉਹਨਾਂ ਕਿਹਾ ਕਿ ਹੁਣ ਜਦੋਂ ਲੋਕਾਂ ਨੇ ਇਸ ’ਤੇ ਵਿਸ਼ਵਾਸ ਕਰਨ ਕਰਨ ਤੋਂ ਨਾਂਹ ਕਰ ਕੇ ਪੁਨਰ ਸੁਰਜੀਤ ਧੜੇ ਦੀ ਸਾਜ਼ਿਸ਼ ਨੂੰ ਮਾਤ ਪਾਈ ਹੈ ਤਾਂ ਇਸਦੇ ਮੁਖੀ ਗਿਆਨੀ ਹਰਪ੍ਰੀਤ ਸਿੰਘ ਖੁਦ ਪ੍ਰਵਾਨ ਕਰ ਲਿਆ ਹੈ ਕਿ ਉਹ ਮੇਰੇ ਖਿਲਾਫ ਅਕਾਲੀ ਦਲ ਵਿਚ ਕਿਸੇ ਵੀ ਅਹੁਦੇ ’ਤੇ ਰਹਿਣ ਵਾਸਤੇ 10 ਸਾਲ ਦੀ ਪਾਬੰਦੀ ਲਗਾਉਣਾ ਚਾਹੁੰਦੇ ਸਨ।
ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਪੰਥ ਵਿਰੋਧੀ ਤਾਕਤਾਂ ਦਾ ਹਮੇਸ਼ਾ ਡੱਟ ਕੇ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਆਪ ਤੇ ਨਾ ਹੀ ਕਦੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਕੌਮ ਜਾਂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮ ਦਾ ਮਾਣ ਸਨਮਾਨ, ਪੰਜਾਬ ਅਤੇ ਅਕਾਲੀ ਦਲ ਹਮੇਸ਼ਾ ਉਨ੍ਹਾਂ ਲਈ ਅਹਿਮ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ