Barnala Road Accident : ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਜਿੱਥੇ ਭੈਣਾਂ ਆਪਣੇ ਭਰਾਵਾਂ ਦੀ ਕਲਾਈ ’ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰ ਰਹੀਆਂ ਹਨ, ਉੱਥੇ ਬਰਨਾਲਾ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਬਰਨਾਲਾ ਦੇ ਡੀ-ਮਾਰਟ ਨੇੜੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਕਰੀਬ 20 ਸਾਲਾ ਨੌਜਵਾਨ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਨੌਜਵਾਨ ਆਪਣੀ ਮਾਸੀ ਦੀ ਧੀ ਕੋਲ ਰੱਖੜੀ ਬਣਾਉਣ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ। ਇਸੇ ਦੌਰਾਨ ਡੀ-ਮਾਰਟ ਨੇੜੇ ਇੱਕ ਛੋਟੇ ਹਾਥੀ ਵੱਲੋਂ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਸੜਕ ’ਤੇ ਡਿੱਗ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਹਾਦਸੇ ਤੋਂ ਬਾਅਦ ਛੋਟੇ ਹਾਥੀ ਦਾ ਚਾਲਕ ਮੌਕੇ ਤੋਂ ਫ਼ਰਾਰ ਹੋਣ ਦੀ ਗੱਲ ਪਰਿਵਾਰ ਵੱਲੋਂ ਕਹੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਆਖੀ ਗਈ ਹੈ।
ਉੱਥੇ ਹੀ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇਕਰ ਹਾਦਸੇ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਮ੍ਰਿਤਕ ਨੌਜਵਾਨ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਪਿੰਡ ਵਾਸੀਆਂ ਨੇ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਧਰਨਾ ਦੇਣ ਲਈ ਮਜਬੂਰ ਹੋਣਗੇ।
ਉੱਥੇ ਹੀ ਥਾਣਾ ਸਿਟੀ-2 ਦੇ ਐਸਐਚਓ ਨੇ ਦੱਸਿਆ ਕਿ ਡੀ-ਮਾਰਟ ਨੇੜੇ ਹਾਦਸੇ ਵਿੱਚ ਕਰੀਬ 20 ਸਾਲਾ ਨੌਜਵਾਨ ਦੀ ਮੌਤ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਰੱਖੜੀ ਦੇ ਤਿਉਹਾਰ ’ਤੇ ਭੈਣ ਕੋਲ ਰੱਖੜੀ ਬਣਾਉਣ ਜਾ ਰਹੇ ਭਰਾ ਦੀ ਇਸ ਤਰ੍ਹਾਂ ਹੋਈ ਮੌਤ ਨੇ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ।