Punjab Elections 2027 : ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੁਕਾਬਲੇ ਚੋਣ ਮੈਦਾਨ ਵਿੱਚ ਉਤਾਰਨ ਬਾਰੇ ਫ਼ੈਸਲਾ ਲਿਆ ਗਿਆ ਹੈ। ਪਾਰਟੀ ਅੰਮ੍ਰਿਤਪਾਲ ਸਿੰਘ ਨੂੰ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਲੜਾਉਣ ਦੀ ਤਿਆਰੀ ਕਰ ਰਹੀ ਹੈ।
ਇਹ ਫ਼ੈਸਲਾ ਸ਼ੁੱਕਰਵਾਰ ਨੂੰ ਮੋਹਾਲੀ ਵਿੱਚ ਹੋਈ ਪਾਰਟੀ ਦੇ ਸੀਨੀਅਰ ਆਗੂਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ। ਪਾਰਟੀ ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਲੰਬੀ ਜਾਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ। ਪਾਰਟੀ ਵੱਲੋਂ ਪਿਛਲੇ ਕੁਝ ਦਿਨਾਂ ਦੌਰਾਨ ਲੰਬੀ ਹਲਕੇ ਵਿੱਚ ਸਰਵੇਖਣ ਵੀ ਕਰਵਾਇਆ ਗਿਆ ਹੈ।
ਰਿਪੋਰਟ ਮੁਤਾਬਕ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਉਸ ਹਲਕੇ ਤੋਂ ਚੋਣ ਲੜਨਗੇ, ਜਿੱਥੋਂ ਸੁਖਬੀਰ ਸਿੰਘ ਬਾਦਲ ਚੋਣ ਮੈਦਾਨ ਵਿੱਚ ਉਤਰਨਗੇ। ਇਸੇ ਤਰ੍ਹਾਂ ਉਨ੍ਹਾਂ ਨੂੰ ਉਸ ਹਲਕੇ ਤੋਂ ਵੀ ਉਮੀਦਵਾਰ ਬਣਾਉਣ ਦੀ ਯੋਜਨਾ ਹੈ, ਜਿੱਥੋਂ ਮੁੱਖ ਮੰਤਰੀ ਭਗਵੰਤ ਮਾਨ ਚੋਣ ਲੜਨਗੇ।
ਪਹਿਲਾਂ ਰਾਮਪੁਰਾ ਫੂਲ ਤੋਂ ਉਮੀਦਵਾਰ ਬਣਾਉਣ ਦਾ ਸੀ ਫ਼ੈਸਲਾ
ਇਸ ਤੋਂ ਪਹਿਲਾਂ ਪਾਰਟੀ ਨੇ ਅੰਮ੍ਰਿਤਪਾਲ ਸਿੰਘ ਨੂੰ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ ਸੀ। ਇਸ ਦਾ ਕਾਰਨ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਫ਼ਰੀਦਕੋਟ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਸਰਬਜੀਤ ਸਿੰਘ ਨੂੰ ਰਾਮਪੁਰਾ ਫੂਲ ਵਿੱਚ ਮਿਲੀਆਂ ਵੱਧ ਵੋਟਾਂ ਦੱਸਿਆ ਗਿਆ ਸੀ।
ਹਾਲਾਂਕਿ, ਸ਼ੁੱਕਰਵਾਰ ਦੀ ਮੀਟਿੰਗ ਵਿੱਚ ਰਣਨੀਤੀ ਬਦਲਣ ਦਾ ਫ਼ੈਸਲਾ ਕੀਤਾ ਗਿਆ। ਹੁਣ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਗਿੱਲ ਰੌਂਤਾ ਨੂੰ ਉਮੀਦਵਾਰ ਬਣਾਇਆ ਗਿਆ ਹੈ। 2027 ਦੀਆਂ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦਾ ਮੁਕਾਬਲਾ ਕਿਹੜੇ ਹਲਕਿਆਂ ਵਿੱਚ ਹੋਵੇਗਾ, ਇਸ ਬਾਰੇ ਅੰਤਿਮ ਸਥਿਤੀ ਉਮੀਦਵਾਰਾਂ ਦੇ ਅਧਿਕਾਰਤ ਐਲਾਨ ਤੋਂ ਬਾਅਦ ਸਪੱਸ਼ਟ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।