Salman Khan : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਚਰਚਾ ਉਨ੍ਹਾਂ ਦੇ ਨਵੇਂ ਘਰ ਨੂੰ ਲੈ ਕੇ ਨਹੀਂ, ਸਗੋਂ ਗਲੈਕਸੀ ਅਪਾਰਟਮੈਂਟ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ ਨੂੰ ਲੈ ਕੇ ਹੈ। ਇਸ ਕੇਸ ਵਿੱਚ ਵੱਡਾ ਮੋੜ ਉਸ ਵੇਲੇ ਆਇਆ ਜਦੋਂ ਗੈਂਗਸਟਰ ਅਨਮੋਲ ਬਿਸ਼ਨੋਈ ਨੇ ਮੁੰਬਈ ਦੀ ਵਿਸ਼ੇਸ਼ MCOCA ਅਦਾਲਤ ਵਿੱਚ ਆਤਮ ਸਮਰਪਣ ਕਰਨ ਲਈ ਇਜਾਜ਼ਤ ਮੰਗੀ ਹੈ।
ਪਟੀਸ਼ਨ ਵਿੱਚ ਅਨਮੋਲ ਬਿਸ਼ਨੋਈ ਨੇ ਕਿਹਾ ਹੈ ਕਿ ਉਹ ਨਿਆਂ ਪ੍ਰਕਿਰਿਆ ਦਾ ਸਨਮਾਨ ਕਰਦੇ ਹੋਏ ਇਸ ਮਾਮਲੇ ਦਾ ਸਾਹਮਣਾ ਕਰਨਾ ਚਾਹੁੰਦਾ ਹੈ। ਉਸ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਦੇ ਨਾਮ ‘ਤੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਜਾਵੇ ਤਾਂ ਜੋ ਉਸ ਦਾ ਆਤਮ ਸਮਰਪਣ ਕਾਨੂੰਨੀ ਤੌਰ ‘ਤੇ ਦਰਜ ਕੀਤਾ ਜਾ ਸਕੇ।
ਅਨਮੋਲ ਬਿਸ਼ਨੋਈ, ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਛੋਟਾ ਭਰਾ ਹੈ ਅਤੇ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਹੇਠ ਹੈ। ਉਸ ਨੂੰ ਨਵੰਬਰ 2025 ਵਿੱਚ ਅਮਰੀਕਾ ਤੋਂ ਭਾਰਤ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਰਾਸ਼ਟਰੀ ਜਾਂਚ ਏਜੰਸੀ (NIA) ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਆਪਣੀ ਪਟੀਸ਼ਨ ਵਿੱਚ ਅਨਮੋਲ ਨੇ ਦਲੀਲ ਦਿੱਤੀ ਹੈ ਕਿ ਉਹ ਪਹਿਲਾਂ ਹੀ ਇੱਕ ਹੋਰ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ, ਇਸ ਲਈ ਅਦਾਲਤੀ ਹੁਕਮ ਤੋਂ ਬਿਨਾਂ ਮੁੰਬਈ ਦੀ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਦਾ। ਉਸ ਨੇ ਇਹ ਵੀ ਕਿਹਾ ਕਿ ਜੇਕਰ ਉਸ ਦੀ ਅਰਜ਼ੀ ਮਨਜ਼ੂਰ ਕੀਤੀ ਜਾਂਦੀ ਹੈ ਤਾਂ ਸਰਕਾਰੀ ਪੱਖ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਇਸ ਮਾਮਲੇ ਦੀ ਸੁਣਵਾਈ ਕਰ ਰਹੇ ਵਿਸ਼ੇਸ਼ ਜੱਜ ਐਸ.ਆਰ. ਨਵੇਂਦਰ ਨੇ ਸਰਕਾਰੀ ਵਕੀਲ ਨੂੰ ਪਟੀਸ਼ਨ ‘ਤੇ ਆਪਣਾ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਗੌਰਤਲਬ ਹੈ ਕਿ 14 ਅਪ੍ਰੈਲ 2024 ਨੂੰ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਮੁੰਬਈ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਆਂ ਚਲਾਈਆਂ ਸਨ ਅਤੇ ਮੌਕੇ ਤੋਂ ਫਰਾਰ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਮੁੰਬਈ ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕਰਾਈਮ ਐਕਟ (MCOCA) ਤਹਿਤ ਕੇਸ ਦਰਜ ਕੀਤਾ ਸੀ।
ਜਾਂਚ ਏਜੰਸੀਆਂ ਦਾ ਦਾਅਵਾ ਹੈ ਕਿ ਇਸ ਹਮਲੇ ਦੀ ਸਾਜ਼ਿਸ਼ ਲਾਰੈਂਸ ਬਿਸ਼ਨੋਈ ਗੈਂਗ ਨੇ ਰਚੀ ਸੀ। ਇਸ ਮਾਮਲੇ ਵਿੱਚ ਵਿੱਕੀ ਗੁਪਤਾ, ਸਾਗਰ ਪਾਲ, ਸੋਨੂੰ ਕੁਮਾਰ ਬਿਸ਼ਨੋਈ, ਮੁਹੰਮਦ ਰਫੀਕ ਚੌਧਰੀ ਅਤੇ ਹਰਪਾਲ ਸਿੰਘ ਸਮੇਤ ਕਈ ਮੁਲਜ਼ਮਾਂ ਖ਼ਿਲਾਫ਼ ਕੇਸ ਚੱਲ ਰਿਹਾ ਹੈ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹਨ। ਹੁਣ ਅਨਮੋਲ ਬਿਸ਼ਨੋਈ ਦੀ ਆਤਮ ਸਮਰਪਣ ਸਬੰਧੀ ਪਟੀਸ਼ਨ ਤੋਂ ਬਾਅਦ ਇਸ ਮਾਮਲੇ ਦੀ ਕਾਰਵਾਈ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ